07 ਮਾਰਚ (ਕਰਨ ਭੀਖੀ) ਮਾਨਸਾ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧੀ ਜ਼ਿਲ੍ਹੇ ’ਚ ਚੋਣ ਡਿਊਟੀਆਂ ਲਈ ਨਿਯੁਕਤ ਕੀਤੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਭਾਰਤ ਚੋਣ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੋਣਾਂ ਸਬੰਧੀ ਸਾਰੇ ਪ੍ਰਬੰਧ ਸਮਾਂ ਰਹਿੰਦਿਆਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਨੋਡਲ ਅਫਸਰਾਂ ਨੂੰ ਉਨ੍ਹਾਂ ਦੇ ਕੰਮਾਂ ਸਬੰਧੀ ਵੇਰਵੇ ਦਿੱਤੇ ਅਤੇ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਵੱਖ ਵੱਖ ਟੀਮਾਂ ’ਚ ਲਗਾਏ ਕਰਮਚਾਰੀਆਂ ਨੂੰ ਚੋਣਾਂ ਦੇ ਨੋਟੀਫਿਕੇਸ਼ਨ ਤੋਂ ਪਹਿਲਾਂ ਸਿਖਲਾਈ ਦੇਣ ਲਈ ਕਿਹਾ ਤਾਂ ਜੋ ਚੋਣਾਂ ਦੇ ਕੰਮ ’ਚ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਚੋਣਾਂ ਵਿੱਚ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਯੋਜਨਾਬੱਧ ਢੰਗ ਨਾਲ ਸਵੀਪ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕਾਲਜਾਂ ਅੰਦਰ ਪੜ੍ਹ ਰਹੇ ਵਿਦਿਆਰਥੀ ਜੋ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਹਰੇਕ ਦੀ ਵੋਟ ਬਣਨੀ ਯਕੀਨੀ ਬਣਾਈ ਜਾਵੇ ਅਤੇ ਇਸ ਦੇ ਲਈ ਕਾਲਜਾਂ ਅੰਦਰ ਸਪੈਸ਼ਲ ਕੈਂਪ ਲਗਾਏ ਜਾਣ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਬੂਥਾਂ ਅੰਦਰ ਪਲਾਸਟਿਕ ਮਟੀਰੀਅਲ ਦੀ ਥਾਂ ’ਤੇ ਵਾਤਾਵਰਣ ਅਨੁਕੂਲ ਮਟੀਰੀਅਲ ਦੀ ਵਰਤੋਂ ਕਰਦਿਆਂ ‘ਵਾਤਾਵਰਣ ਅਨੁਕੂਲ ਮਾਡਲ ਬੂਥ ਬਣਾ’ ਕੇ ਵੋਟਰਾਂ ਨੂੰ ਵਾਤਾਵਰਣ ਦੇ ਹਿਤ ਵਿਚ ਇਕ ਚੰਗਾ ਸੁਨੇਹਾ ਦਿੱਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।
ਆਗਾਮੀ ਲੋਕ ਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ
Highlights
- #mansanews
Leave a comment