*ਐਸ.ਡੀ.ਐਮ ਨਿਤੇਸ਼ ਕੁਮਾਰ ਜੈਨ ਨੇ ਸਬ ਡਵੀਜ਼ਨ ਸਰਦੂਲਗੜ੍ਹ
ਵਿਖੇ ਲਗਾਏ ਕੈਂਪਾਂ ਦਾ ਲਿਆ ਜਾਇਜ਼ਾ
ਮਾਨਸਾ, 09 ਫਰਵਰੀ (ਕਰਨ ਭੀਖੀ) ਬੁਢਲਾਡਾ: ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਵਿਚ ਲੋਕਾਂ ਨੂੰ 44 ਤਰ੍ਹਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਸਬ ਡਵੀਜ਼ਨ ਸਰਦੂਲਗੜ੍ਹ ਵਿਖੇ ਲੱਗੇ ਕੈਂਪਾਂ ’ਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਕੈਂਪਾਂ ਵਿਚ ਆਏ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਕੈਂਪ ਦੇ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਜਿੱਥੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਲਈ, ਉੱਥੇ ਹੀ ਹਾਜ਼ਰੀਨ ਲੋਕਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਕੈਂਪਾਂ ਦੌਰਾਨ ਬਿਨੈਕਾਰਾਂ ਦੀ ਸਹੂਲਤ ਲਈ ਹੈਲਪ ਡੈਸਕ ਬਣਾਏ ਗਏ ਹਨ ਤਾਂ ਜੋ ਉਨ੍ਹਾਂ ਨੂੰ ਫਾਰਮ ਭਰਨ ਆਦਿ ਵਿਚ ਸਹਾਇਤਾ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਲੋਕ ਇੰਨਾਂ ਕੈਂਪਾਂ ਰਾਹੀਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਣ।
ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਅੰਦਰ ਸਬ ਡਵੀਜਨ ਪੱਧਰ ’ਤੇ ਲਗਾਏ ਜਾ ਰਹੇ ਇਹ ਕੈਂਪ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਕੀਤਾ ਗਿਆ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਉਣ।