28 ਮਾਰਚ (ਕਰਨ ਭੀਖੀ) ਮਾਨਸਾ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਅੰਦਰ ਕਣਕ ਕੱਟਣ ਉਪਰੰਤ ਉਸ ਦੀ ਨਾੜ ਨੂੰ ਅੱਗ ਲਗਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2024 ਸ਼ੁਰੂ ਹੋਣ ਵਾਲਾ ਹੈ। ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਆਲੇ-ਦੁਆਲੇ ਖੜ੍ਹੀਆਂ ਫਸਲਾਂ ਤੋਂ ਇਲਾਵਾ ਪਿੰਡ ਦੀ ਅਬਾਦੀ ਦੇਹ ਵਿੱਚ ਵੀ ਅੱਗ ਫੈਲਣ ਦਾ ਡਰ ਬਣਿਆ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵਾਪਰ ਸਕਦੇ ਹਨ। ਸੜ੍ਹਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਨਾਲ ਪਿੰਡਾਂ ਵਿੱਚ ਲੜਾਈ-ਝਗੜਾ ਹੋਣ ਦਾ ਵੀ ਡਰ ਰਹਿੰਦਾ ਹੈ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਅਸਿੱਧੇ ਤੌਰ ’ਤੇ ਅਸਰ ਦੇਸ਼ ਦੇ ਉਤਪਾਦਨ ’ਤੇ ਪੈਂਦਾ ਹੈ।
ਇਹ ਹੁਕਮ 01 ਅਪ੍ਰੈਲ ਤੋਂ 31 ਮਈ 2024 ਤੱਕ ਲਾਗੂ ਰਹੇਗਾ।
ਕਣਕ ਦੀ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
Highlights
- #mansanews
Leave a comment