—ਪਿੰਡ ਢਿੱਲਵਾਂ, ਚੁਹਾਣਕੇ ਕਲਾਂ, ਕੱਟੂ ਅਤੇ ਅਸਪਾਲ ਕਲਾਂ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ
–ਕਿਸਾਨਾਂ ਨੂੰ ਸੀ ਆਰ ਐੱਮ ਸਕੀਮ ਅਧੀਨ ਪਰਾਲੀ ਪ੍ਰਬੰਧਨ ਦੇ ਖੇਤੀ ਸੰਦਾਂ ਬਾਰੇ ਦੱਸਿਆ ਗਿਆ
14 ਅਗਸਤ (ਗਗਨਦੀਪ ਸਿੰਘ) ਬਰਨਾਲਾ: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੀ ਅਗਵਾਈ ’ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਰੇ ਬਲਾਕ ਦੇ ਵੱਖ ਵੱਖ ਪਿੰਡਾਂ ‘ਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਇਸ ਸਬੰਧੀ ਜਾਨਕਾਰੀ ਦਿੰਦਿਆਂ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਪਿੰਡ ਢਿੱਲਵਾਂ, ਚੁਹਾਣਕੇ ਕਲਾਂ, ਕੱਟੂ ਅਤੇ ਅਸਪਾਲ ਕਲਾਂ
ਵਿਖੇ ਸੀ ਆਰ ਐੱਮ ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਜਿਸ ’ਚ ਵਾਤਾਵਰਨ ਸੰਭਾਲ ਤੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੀ-ਕੀ ਨੁਕਸਾਨ ਹੁੰਦੇ ਹਨ। ਜ਼ਮੀਨ ਤੇ ਲੋਕਾਂ ਦੀ ਸਿਹਤ ਉੱਪਰ ਇਸ ਦਾ ਕੀ ਪ੍ਰਭਾਵ ਪੈਂਦਾ ਹੈ।
ਇਸ ਨੂੰ ਅੱਗ ਨਾ ਲਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀਆਂ ਫਸਲਾਂ ਉੱਪਰ ਹੋਣ ਵਾਲੀਆਂ ਬਿਮਾਰੀਆਂ ਤੇ ਉਨ੍ਹਾਂ ਦੀ ਰੋਕਥਾਮ ਸਬੰਧੀ ਵੀ ਜਾਣਕਾਰੀ ਦਿੱਤੀ। ਸਹਾਇਕ ਟੈਕਨੋਲਜੀ ਮੈਨੇਜਰਾਂ ਨੇ ਕਿਹਾ ਕਿ ਬਾਸਮਤੀ ਦੀ ਫਸਲ ਉੱਪਰ ਸਿਫਾਰਿਸ਼ ਕੀਤੀਆਂ ਦਵਾਈਆਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਬਾਸਮਤੀ ਝੋਨੇ ਦਾ ਸਹੀ ਮੁੱਲ ਮਿਲ ਸਕੇ। ਕੈਂਪ ਦੌਰਾਨ ਪੀਏਯੂ ਯੂਨੀਵਰਸਿਟੀ ਵਲੋਂ ਆਰਜੀ ਆਰ ਸੈਲ ਸਕੀਮ ਤਹਿਤ ਝੋਨੇ ’ਚ ਪਾਣੀ ਦੀ ਸੁਚੱਜੀ ਵਰਤੋ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਦੀ ਵਰਤੋਂ ’ਚ ਆਉਣ ਵਾਲੀ ਹਰ ਸਾਮਾਨ ਦਾ ਪੱਕਾ ਬਿੱਲ ਕਿਸਾਨ ਜਰੂਰ ਲੈਣ ਤਾਂ ਜੋ ਬਾਜ਼ਾਰ ’ਚ ਅਣ-ਅਧਿਕਾਰਿਤ ਸਮਾਨ ਵੇਚਣ ਵਾਲੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਕਿਸਾਨਾਂ ਨੂੰ ਮੌਜੂਦਾ ਫਸਲਾਂ ਝੋਨਾ, ਨਰਮਾ ਆਦਿ ਸਬੰਧੀ ਜਾਣਕਾਰੀ ਦਿੱਤੀ। ਵਿਭਾਗ ਵਲੋਂ ਕਿਸਾਨਾਂ ਨੂੰ ਬਾਸਮਤੀ ’ਤੇ ਪਾਬੰਦੀਸ਼ੁਦਾ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।
ਖੇਤੀਬਾੜੀ ਵਿਭਾਗ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਡੇ ਪੱਧਰ ’ਤੇ ਬੂਟੇ ਵੰਡ ਰਿਹਾ ਹੈ ਤੇ ਲਗਵਾ ਵੀ ਰਿਹਾ ਹੈ। ਅਖੀਰ ’ਚ ਵਿਭਾਗ ਦੇ ਅਧਿਕਾਰੀਆਂ ਨੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ