ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ
ਚੰਡੀਗੜ੍ਹ, 14 ਮਾਰਚ, ਦੇਸ ਪੰਜਾਬ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇੱਥੇ ਸਿੱਖਿਆ ਵਿਭਾਗ, ਮਾਲ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਸ਼ਾਮਲ ਸਨ, ਨੇ ਇਨ੍ਹਾਂ ਯੂਨੀਅਨਾਂ ਦੇ ਆਗੂਆਂ ਵੱਲੋਂ ਦਿੱਤੇ ਮੰਗ ਪੱਤਰਾਂ ਵਿੱਚ ਦਰਜ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਇਨ੍ਹਾਂ ਮੁੱਦਿਆਂ ‘ਤੇ ਵਿਆਪਕ ਚਰਚਾ ਦੌਰਾਨ ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ, ਸਕੱਤਰ ਮਾਲ ਵਿਭਾਗ ਸ਼੍ਰੀਮਤੀ ਅਲਕਨੰਦਾ ਦਿਆਲ, ਵਿੱਤ ਸਕੱਤਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ਼੍ਰੀ ਵਿਨੈ ਬੁਬਲਾਨੀ ਅਤੇ ਵਧੀਕ ਰਜਿਸਟਰਾਰ ਸਹਿਕਾਰਤਾ (ਐਡਮਿਨ) ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਸਬ-ਕਮੇਟੀ ਨੂੰ ਇਨ੍ਹਾਂ ਦੇ ਸਬੰਧ ਵਿੱਚ ਸਬੰਧਤ ਵਿਭਾਗਾਂ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਅਨੁਸਾਰ ਵਿਹਾਰਕਤਾ, ਮੌਜੂਦਾ ਸਥਿਤੀ ਅਤੇ ਵਿੱਤੀ ਜਿੰਮੇਵਾਰੀ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਵਿਚਾਰ-ਵਟਾਂਦਰੇ ਦੌਰਾਨ ਯੂਨੀਅਨ ਆਗੂਆਂ ਵੱਲੋਂ ਸਾਂਝੇ ਕੀਤੇ ਗਏ ਕੁਝ ਮੁੱਦਿਆਂ ਬਾਰੇ ਸਬ-ਕਮੇਟੀ ਨੇ ਉਨ੍ਹਾਂ ਤੋਂ ਸਾਰਥਿਕ ਹੱਲ ਲਈ ਸੁਝਾਅ ਮੰਗੇ। ਸਬ-ਕਮੇਟੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਕਈ ਮਸਲਿਆਂ ਨੂੰ ਹੱਲ ਕਰ ਲਿਆ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਜਲਦੀ ਹੱਲ ਕਰਨ ਲਈ ਯਤਨਸ਼ੀਲ ਹੈ।
ਅੱਜ ਕੈਬਨਿਟ ਸਬ-ਕਮੇਟੀ ਵੱਲੋਂ ਜਿੰਨ੍ਹਾਂ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਉਨ੍ਹਾਂ ਵਿੱਚ ਸਰਵ ਸਿੱਖਿਆ ਅਭਿਆਨ/ਮਿਡ ਡੇਅ ਮੀਲ ਆਫਿਸ ਇੰਪਲਾਈਜ਼ ਯੂਨੀਅਨ, ਪੰਜਾਬ ਨੰਬਰਦਾਰ ਯੂਨੀਅਨ, ਲੈਂਡ ਮਾਰਗੇਜ ਬੈਂਕ ਇੰਪਲਾਈਜ਼ ਯੂਨੀਅਨ, ਮਿਡ ਡੇ ਮੀਲ ਅਤੇ ਸਫਾਈ ਵਰਕਰਜ਼ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਬੇਰੋਜ਼ਗਾਰ ਸਾਂਝਾ ਮੋਰਚਾ, ਅਨਏਡਿਡ ਸਟਾਫ਼ ਫਰੰਟ, ਅਤੇ ਪੰਜਾਬ ਤਨਖਾਹ ਸਕੇਲ ਬਹਾਲੀ ਸਾਂਝ ਫਰੰਟ ਸ਼ਾਮਿਲ ਸਨ।