*ਹਸਪਤਾਲ ਅੰਦਰ ਇਲਾਜ਼ ਲਈ ਆਉਣ ਵਾਲੇ ਲੋਕਾਂ ਦੇ ਮਨੁੱਖੀ ਅਧਿਕਾਰਾਂ
ਦੀ ਪਾਲਣਾ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ
25 ਜਨਵਰੀ (ਕਰਨ ਭੀਖੀ) ਮਾਨਸਾ: ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ੍ਰੀ ਬਾਲ ਕ੍ਰਿਸ਼ਨ ਗੋਇਲ ਨੇ ਅੱਜ ਸਿਵਲ ਹਸਪਤਾਲ ਮਾਨਸਾ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਖੇ ਇਲਾਜ਼ ਲਈ ਆਏ ਮਰੀਜ਼ਾਂ ਤੋਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਦੇ ਸਟਾਫ ਅਤੇ ਡਾਕਟਰਾਂ ਨੂੰ ਆਪਣਾ ਆਈ ਕਾਰਡ ਪਹਿਨ ਕੇ ਰੱਖਣ ਦੇ ਆਦੇਸ਼ ਦਿੱਤੇ ਤਾਂ ਜੋ ਇਲਾਜ਼ ਕਰਵਾਉਣ ਆਏ ਮਰੀਜ਼ਾਂ ਨੂੰ ਡਾਕਟਰਾਂ ਅਤੇ ਸਟਾਫ ਦੀ ਸ਼ਨਾਖ਼ਤ ਕਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਾਨਵੀ ਹੱਕਾਂ ਦੀ ਉਲੰਘਣਾ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ, ਕਿਉਂਕਿ ਸਾਡੇ ਸੰਵਿਧਾਨ ਨੇ ਦੇਸ਼ ਦੇ ਹਰੇਕ ਨਾਗਰਿਕ ਨੂੰ ਜੋ ਹੱਕ ਦਿੱਤੇ ਹਨ ਉਨ੍ਹਾਂ ਦੀ ਪਾਲਣਾ ਬਹੁਤ ਜਰੂਰੀ ਹੈ।ਸ੍ਰੀ ਗੋਇਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮੇਂ-ਸਮੇਂ ਵੱਖ-ਵੱਖ ਰਾਜਾਂ ਅੰਦਰ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਕੇਂਦਰ ਤੇ ਰਾਜ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਯਕੀਨੀ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਹੋਰ ਦੱਸਿਆ ਕਿ ਉਨ੍ਹਾਂ ਵੱਲੋ ਲੁਧਿਆਣਾ ਤੇ ਜਲੰਧਰ ਜ਼ਿਲਿ੍ਹਆਂ ਦਾ ਵੀ ਦੌਰਾ ਕੀਤਾ ਜਾਵੇਗਾ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਹਸਪਤਾਲ ਅੰਦਰ ਇਲਾਜ ਲਈ ਆਉਣ ਵਾਲੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਪਾਲਣਾ ਕਰਨ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਹਰਿੰਦਰ ਸਿੰਘ ਭੁੱਲਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਵੀ ਹਾਜਰ ਸਨ।