21 ਮਾਰਚ (ਰਿੰਪਲ ਗੋਲਣ) ਭਿੱਖੀਵਿੰਡ: ਖਾਲੜਾ ਪੁਲਸ ਤੇ ਬੀਐੱਸਐੱਫ਼ ਦੀ 103 ਬਟਾਲੀਅਨ ਨੇ ਸਾਂਝੇ ਸਰਚ ਅਭਿਆਨ ਦੌਰਾਨ ਪਾਕਿਸਤਾਨੀ ਤਸਕਰਾਂ ਵੱਲੋਂ ਕੰਡਿਆਲੀ ਤਾਰ ਉੱਪਰੋਂ ਡਰੋਨ ਰਾਹੀਂ ਭਾਰਤੀ ਸਰਹੱਦ ਨਜ਼ਦੀਕ ਪੈਂਦੇ ਪਿੰਡ ਡੱਲ ਅੰਦਰ ਸੁੱਟੀ 500 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਇੱਕ ਮੁਲਜ਼ਮ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਤੋਂ ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀਐੱਸਐੱਫ਼ ਦੇ ਕੰਪਨੀ ਕਮਾਂਡਰ ਵੱਲੋਂ ਖਾਲੜਾ ਪੁਲਸ ਨਾਲ ਸਾਂਝੀ ਕੀਤੀ ਗਈ ਗੁਪਤ ਸੂਚਨਾ ਦੇ ਆਧਾਰ ‘ਤੇ 19 ਮਾਰਚ ਦੀ ਸਵੇਰ ਨੂੰ ਸਰਹੱਦ ਨਾਲ ਲੱਗਦੇ ਪਿੰਡ ਡੱਲ ਦੇ ਖੇਤਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ ਸੀ। ਡੀਐੱਸਪੀ ਨੇ ਦੱਸਿਆ ਕਿ ਜਦੋਂ ਪਾਕਿਸਤਾਨੀ ਡਰੋਨ ਰਾਹੀਂ ਭਾਰਤੀ ਸਰਹੱਦ ਅੰਦਰ ਸੁੱਟੀ ਗਈ ਹੈਰੋਇਨ ਦੀ ਖੇਪ ਨੂੰ ਚੁੱਕਣ ਲਈ ਤਿੰਨ ਨੌਜਵਾਨ ਪਿੰਡ ਡੱਲ ਦੇ ਖੇਤਾਂ ਵਿੱਚ ਆਏ ਤਾਂ ਪੁਲਸ ਪਾਰਟੀ ਵੀ ਮੌਕੇ ‘ਤੇ ਪੁੱਜ ਗਈ,ਜਿਸ ਤੋਂ ਬਾਅਦ ਪੁਲਸ ਪਾਰਟੀ ਨੂੰ ਦੇਖ ਕੇ ਦੋ ਨੌਜਵਾਨ ਗੱਡੀ ਵਿੱਚ ਬੈਠ ਕੇ ਫ਼ਰਾਰ ਹੋ ਗਏ ਜਦਕਿ ਉਨ੍ਹਾਂ ਦਾ ਇੱਕ ਸਾਥੀ ਖੇਤਾਂ ਵਿੱਚ ਹੀ ਇੱਕ ਦਰੱਖਤ ਦੇ ਪਿੱਛੇ ਲੁਕ ਗਿਆ,ਜਿਸ ਨੂੰ ਪੁਲਸ ਨੇ ਕਾਬੂ ਕਰਕੇ ਜਦੋਂ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਜਗਰੂਪ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਮਾਣੋਚਾਹਲ ਦੱਸਿਆ। ਪੁਲਸ ਵੱਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਵਿੱਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਨੇ ਦੱਸਿਆ ਕਿ ਉਸ ਦੇ ਫ਼ਰਾਰ ਹੋਏ ਸਾਥੀਆਂ ‘ਚੋਂ ਇੱਕ ਦਾ ਨਾਂਅ ਜੇਪੀ ਪੁੱਤਰ ਨਾਮਲੂਮ ਵਾਸੀ ਵਾਂ ਥਾਣਾ ਸਦਰ ਤਰਨ ਤਾਰਨ ਹੈ ਤੇ ਦੂਜੇ ਦਾ ਨਾਂਅ ਦਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਾੜੀ ਗੌੜ ਸਿੰਘ ਹੈ। ਡੀਐੱਸਪੀ ਨੇ ਦੱਸਿਆ ਕਿ ਜਦੋਂ ਜਗਰੂਪ ਸਿੰਘ ਨੂੰ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਨ੍ਹਾਂ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਈ ਸੀ, ਜਿਸ ਨੂੰ ਚੁੱਕਣ ਲਈ ਉਹ ਖੇਤਾਂ ਵਿੱਚ ਆਏ ਸਨ। ਡੀਐੱਸਪੀ ਨੇ ਦੱਸਿਆ ਕਿ ਖਾਲੜਾ ਪੁਲਸ ਵੱਲੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਗਰੂਪ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਮਾਣੋਚਾਹਲ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ ‘ਤੇ ਉਸ ਦੇ ਇੱਕ ਸਾਥੀ ਮੁਲਜ਼ਮ ਜੇਪੀ ਉਰਫ ਜਗਰੂਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਕੁਹਾੜਕਾ ਨੂੰ ਹਸਬ ਜਾਬਤਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਇਨ੍ਹਾਂ ਦੋਵਾਂ ਮੁਲਜ਼ਮਾਂ ਦੇ ਇੱਕ ਹੋਰ ਸਾਥੀ ਦਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਾੜੀ ਗੌੜ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਖਿਲਾਫ ਥਾਣਾ ਖਾਲੜਾ ਵਿੱਚ ਐਫਆਈਆਰ ਨੰਬਰ 30 ਧਾਰਾ 21/29/61/85 ਐਨਡੀਪੀਐਸ ਐਕਟ ਤੇ ਏਅਰ ਕਰਾਫਟ ਐਕਟ 10/11/12 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਮਾਂਡ ਹਾਸਲ ਕੀਤਾ ਗਿਆ ਹੈ ਕਿਉਂਕਿ ਇਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।