ਪੋਲਿੰਗ ਬੂਥਾਂ ’ਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਤੋਂ ਇਲਾਵਾ ਵੋਟਰਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ
16 ਮਈ (ਕਰਨ ਭੀਖੀ) ਮਾਨਸਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ 96-ਮਾਨਸਾ ਵਿਖੇ ਸਥਾਪਤ ਪੋਲਿੰਗ ਬੂਥਾਂ ਵਿੱਚ ਚੋਣਾਂ ਦੇ ਮੱਦੇਨਜ਼ਰ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਜਨਰਲ ਅਬਜ਼ਰਵਰ ਡਾ. ਐਸ. ਪ੍ਰਭਾਕਰ, ਆਈ.ਏ.ਐਸ. ਨੇ ਹਦਾਇਤ ਕੀਤੀ ਕਿ ਪੋਲਿੰਗ ਬੂਥਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਡਾ. ਐਸ. ਪ੍ਰਭਾਕਰ, ਜਿਨ੍ਹਾਂ ਨੂੰ ਚੋਣ ਕਮਿਸ਼ਨ ਦੀ ਤਰਫੋਂ ਵਿਸ਼ੇਸ਼ ਤੌਰ ’ਤੇ ਲੋਕ ਸਭਾ ਹਲਕਾ 11-ਬਠਿੰਡਾ ਲਈ ਚੋਣ ਅਮਲ ਦੀ ਨਿਗਰਾਨੀ ਲਈ ਤਾਇਨਾਤ ਕੀਤਾ ਗਿਆ ਹੈ, ਨੇ ਪੋਲਿੰਗ ਬੂਥਾਂ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ।
ਉਨ੍ਹਾਂ ਵੋਟਰਾਂ ਲਈ ਵੋਟਾਂ ਵਾਲੇ ਦਿਨ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੁਵਿਧਾਵਾਂ ਦੀ ਉਪਲਬਧਤਾ ਤੇ ਤਿਆਰੀਆਂ ਦਾ ਜਾਇਜ਼ਾ ਲਿਆ। ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ ਸਮੇਤ ਹੋਰ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਆਪਣੇ ਦੌਰੇ ਦੌਰਾਨ ਜਨਰਲ ਅਬਜ਼ਰਵਰ ਵੱਲੋਂ ਪਿੰਡ ਭੈਣੀ ਬਾਘਾ, ਠੂਠਿਆਂਵਾਲੀ, ਆਰੀਆ ਸੀਨੀਅਰ ਸੈਕੰਡਰੀ ਸਕੂਲ, ਮਾਨਸਾ ਅਤੇ ਮਾਤਾ ਸੁੰਦਰੀ ਗਰਲਜ਼ ਕਾਲਜ, ਮਾਨਸਾ ਵਿਖੇ ਬਣਾਏ ਗਏ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਤਾਇਨਾਤ ਹੋਣ ਵਾਲੇ ਸਟਾਫ਼ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਜਨਰਲ ਆਬਜ਼ਰਵਰ ਨੇ ਕਿਹਾ ਕਿ ਸਵੀਪ ਗਤੀਵਿਧੀਆਂ ਕਰਵਾ ਕੇ ਵੋਟਰਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਰਾਜ ਕੁਮਾਰ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।