—-ਡੇਰਾ ਬਾਬਾ ਭਾਈ ਗੁਰਦਾਸ ਜੀ ਅਤੇ ਪਿੰਡ ਭੰਮੇ ਕਲਾਂ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ
ਲੋਕ ਸਮੱਸਿਆਵਾਂ ਦਾ ਕੀਤਾ ਨਿਪਟਾਰਾ
30 ਜਨਵਰੀ (ਕਰਨ ਭੀਖੀ) ਮਾਨਸਾ: ਲੋਕ ਸਮੱਸਿਆਵਾਂ ਦੇ ਹੱਲ ਲਈ ਹਰੇਕ ਸਬ ਡਵੀਜ਼ਨ ਪੱਧਰ ’ਤੇ ਪੰਜਾਬ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਜ਼ਿਲ੍ਹੇ ’ਚ ‘ਜਨ ਸੁਣਵਾਈ ਕੈਂਪ’ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸਬ ਡਵੀਜ਼ਨ ਮਾਨਸਾ ’ਚ ਡੇਰਾ ਬਾਬਾ ਭਾਈ ਗੁਰਦਾਸ ਜੀ ਵਿਖੇ ਅਤੇ ਸਬ ਡਵੀਜਨ ਸਰਦੂਲਗੜ੍ਹ ’ਚ ਪਿੰਡ ਭੰਮੇ ਕਲਾਂ ਵਿਖੇ ‘ਜਨ ਸੁਣਵਾਈ ਕੈਂਪ’ ਲਗਾਇਆ ਗਿਆ, ਜਿਸ ਵਿਚ ਵੱਖ ਵੱਖ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਕਾਊਂਟਰ ਲਗਾਏ ਗਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾ/ਮੁਸ਼ਕਿਲਾਂ ਦਾ ਹੱਲ ਕਰਨ, ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਨੇੜੇ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ, ਜਿੰਨ੍ਹਾਂ ਦਾ ਮੰਤਵ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਦਫਤਰਾਂ ਤੱਕ ਪਹੁੰਚ ਕਰਨ ਦੀ ਬੇਲੋੜੀ ਖੱਜਲ ਖੁਆਰੀ ਖਤਮ ਕਰਨਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਤੌਰ ’ਤੇ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਲੋਕ ਸਮੇਂ ਦੀ ਘਾਟ ਕਾਰਨ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਤੱਕ ਪਹੁੰਚ ਕਰਕੇ ਆਪਣੀਆਂ ਸਮੱਸਿਆਵਾ ਦਾ ਹੱਲ ਕਰਵਾਉਣ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਲਈ ਪੇਂਡੂ ਖੇਤਰਾਂ ਵਿਚ ਵੀ ਪਹੁੰਚ ਕਰਕੇ ਸਾਂਝੀਆਂ ਥਾਵਾਂ ਉੱਤੇ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿਚ ਆਏ ਲੋਕਾਂ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਯੋਗ ਕੰਮਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਦਰਖ਼ਾਸਤਾਂ ਦਾ ਸਬੰਧਤ ਅਧਿਕਾਰੀਆਂ ਯੋਗ ਪ੍ਰਣਾਲੀ ਰਾਹੀਂ ਸਮਾਂਬੱਧ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਕੈਂਪ ਲੱਗਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਜਨ ਸੁਣਵਾਈ ਕੈਂਪਾਂ ਵਿਚ ਪਹੁੰਚ ਕੇ ਆਪਣੇ ਕੰਮ ਕਰਵਾਉਣ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਅਤੇ ਨਾਇਬ ਤਹਿਸੀਲਦਾਰ ਸ੍ਰ ਬਲਵਿੰਦਰ ਸਿੰਘ ਮੌਜੂਦ ਸਨ।