13 ਮਈ (ਗਗਨਦੀਪ ਸਿੰਘ) ਬਠਿੰਡਾ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵੱਲੋ ਕਿਸਾਨਾਂ ਨੂੰ ਸਾਉਣੀ 2024 ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 17 ਮਈ 2024 ਨੂੰ ਸਵੇਰੇ 9 ਵਜੇ ਵਜੇ ਸਥਾਨਕ ਦਾਣਾ ਮੰਡੀ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਸਾਂਝੀ ਕੀਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨ ਮੇਲੇ ਦਾ ਉਦਘਾਟਨ ਅਤੇ ਪ੍ਰਧਾਨਗੀ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਵੱਲੋ ਕੀਤੀ ਜਾਵੇਗੀ।
ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰਾਂ ਵੱਲੋ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਤੇ ਤਕਨੀਕੀ ਜਾਣਕਾਰੀ ਦੇਣ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਅਤੇ ਆਤਮਾ ਸਕੀਮ ਅਧੀਨ ਚੱਲ ਰਹੇ ਸੈਲਫ਼ ਹੈਲਪ ਗਰੁੱਪਾਂ ਵੱਲੋ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਮੇਲੇ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਅਤੇ ਖੇਤੀ ਮਾਹਿਰਾਂ ਵੱਲੋਂ ਵੱਖ-ਵੱਖ ਫ਼ਸਲਾਂ ਸਬੰਧੀ ਦਿੱਤੀ ਜਾਣ ਵਾਲੀ ਜਾਣਕਾਰੀ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।