ਆਮ ਲੋਕਾਂ ਨੂੰ ਜਾਇਦਾਦਾਂ ਸਬੰਧੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ
8 ਜਨਵਰੀ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਇੱਕ ਰੋਜਾ ਸਪੈਸ਼ਲ ਕੈਂਪ ਦੌਰਾਨ ਮਾਲ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ 1583 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇੰਤਕਾਲਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਬਠਿੰਡਾ ਵਿਖੇ 319 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਤਹਿਸੀਲ ਤਲਵੰਡੀ ਸਾਬੋ 248, ਤਹਿਸੀਲ ਮੌੜ 153, ਤਹਿਸੀਲ ਰਾਮੁਪਰਾ 173, ਸਬ ਤਹਿਸੀਲ ਸੰਗਤ 96, ਸਬ ਤਹਿਸੀਲ ਗੋਨਿਆਣਾ 154, ਸਬ ਤਹਿਸੀਲ ਨਥਾਣਾ 311, ਸਬ ਤਹਿਸੀਲ ਬਾਂਲਿਆਵਾਲੀ 99 ਅਤੇ ਸਬ ਤਹਿਸੀਲ ਭਗਤਾ ਭਾਈਕਾ ਵਿਖੇ 30 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 81849-00002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 94641-00168 ਨੰਬਰ ‘ਤੇ ਭੇਜ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।