14 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਣ ਵਾਲੀ ਐਨ.ਆਰ.ਆਈ. ਮਿਲਣੀ ਹੁਣ 29 ਫਰਵਰੀ ਨੂੰ ਕਰਵਾਈ ਜਾਵੇਗੀ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪ੍ਰਸ਼ਾਸਕੀ ਕਾਰਨਾਂ ਕਰਕੇ ਇਹ ਬਦਲਾਅ ਕੀਤਾ ਗਿਆ ਹੈ।
ਇਸ ਐਨ.ਆਰ.ਆਈ. ਮਿਲਣੀ ਵਿੱਚ ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਸ਼ਿਰਕਤ ਕਰਨਗੇ ਅਤੇ ਐਨ.ਆਰ.ਆਈਜ਼ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਲਈ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਵਿੱਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸ਼ੁਰੂ ਕੀਤੀ ਐਨ.ਆਰ.ਆਈ. ਮਿਲਣੀ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਹਰੇਕ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।