ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ
10 ਅਕਤੂਬਰ (ਗਗਨਦੀਪ ਸਿੰਘ) ਬਠਿੰਡਾ: ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਜਿਲ੍ਹੇ ਦੇ ਪਿੰਡ ਕਟਾਰ ਸਿੰਘ ਵਾਲਾ ਦੇ ਕਿਸਾਨ ਬੂਟਾ ਸਿੰਘ ਦੀ ਪਹਿਲੀ ਝੋਨੇ ਦੀ ਢੇਰੀ ਆੜਤੀਏ ਸੁਰਿੰਦਰ ਕੁਮਾਰ ਐਂਡ ਕੰਪਨੀ ਵੱਲੋਂ ਖਰੀਦ ਕੀਤੀ ਗਈ।
ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖ਼ਰੀਦ ਦੌਰਾਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ੍ਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਵੱਲੋਂ ਅਨਾਜ ਮੰਡੀ ਵਿਚ ਲਿਆਂਦੀ ਝੋਨੇ ਦੀ ਸੁੱਕੀ ਫ਼ਸਲ ਤੇ ਤਸੱਲੀ ਪ੍ਰਗਟਾਉਂਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਸਮੇਂ-ਸਿਰ ਖਰੀਦ ਅਤੇ ਉਸ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।
ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਅਧਿਕਾਰੀ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਚੈਅਰਮੇਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਕੌਂਸਲਰ ਸ਼੍ਰੀ ਸੁਖਜੀਤ ਸਿੰਘ ਢਿੱਲੋਂ, ਪੰਜਾਬ ਖਾਦੀ ਅਤੇ ਪੇਂਡੂ ਉਦਯੋਗ ਬੋਰਡ ਦੇ ਡਾਇਰੈਕਟਰ ਸ੍ਰੀ ਬੱਲੀ ਬਲਜੀਤ, ਆਪ ਆਗੂ ਸ. ਜਗਦੀਸ਼ ਵੜੈਂਚ, ਸਹਾਇਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਿਤ ਮਹਿਤਾ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਗੌਰਵ ਗਰਗ, ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਗੁਰਵਿੰਦਰ ਸਿੰਘ ਤੋਂ ਇਲਾਵਾ ਆੜਤੀਏ ਤੇ ਕਿਸਾਨ ਆਦਿ ਹਾਜ਼ਰ ਸਨ।