6 ਮਈ (ਗਗਨਦੀਪ ਸਿੰਘ) ਬਠਿੰਡਾ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪੀ.ਆਰ 126 ਅਤੇ ਪੀ.ਆਰ 131 ਦੀ ਫ਼ਸਲ ਨੂੰ ਵਡਾਵਾ ਦੇਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਸਾਰਥਿਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦਿੱਤੀ।
ਡਾ. ਕਰਨਜੀਤ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਝੋਨੇ ਦੀ ਖੇਤੀ ਵਿੱਚ ਖਪਤ ਹੁੰਦੇ ਵਧੇਰੇ ਪਾਣੀ ਅਤੇ ਪ੍ਰਦੂਸ਼ਣ ਨਾਲ ਪੈਦਾ ਹੁੰਦੀਆਂ ਸਮੱਸਿਆਵਾਂ ਤੋਂ ਚਿੰਤਤ ਕਿਸਾਨਾਂ ਵੱਲੋਂ ਇਸ ਵਾਰ ਝੋਨੇ ਦੀ ਪਕਾਈ ਵਿੱਚ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੂਸਾ 44 ਅਤੇ ਪੀਲੀ ਪੂਸਾ ਨੂੰ ਤਿਆਗ ਕੇ ਪੱਕਣ ਵਿੱਚ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਪੀ.ਆਰ 131 ਪੀ.ਆਰ 126 ਕਿਸਮ ਬਾਸਮਤੀ ਦੀਆਂ ਕਿਸਮਾਂ ਦੀ ਕਾਸ਼ਤ ਵੱਲ ਜ਼ਿਆਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਪੀ.ਆਰ 126 ਅਜਿਹੀ ਕਿਸਮ ਹੈ ਜੋ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਕਿਸਮ ਬਾਰੇ ਵੱਖ-ਵੱਖ ਕਿਸਾਨਾਂ ਦੇ ਵਿਚਾਰ ਲਏ ਗਏ ਜਿਸ ਤੋਂ ਇਹ ਗੱਲ ਸਾਹਮਣੇ ਆਈ ਕਿ ਸੈਲਰ ਜਥੇਬੰਦੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਦੇ ਬਾਵਜੂਦ ਕਿਸਾਨਾਂ ਵੱਲੋਂ ਪੀ.ਆਰ 126 ਅਤੇ ਪੀ.ਆਰ 131 ਹੇਠ ਰਕਬਾ ਵਧਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਜ਼ਿਲ੍ਹਾ ਬਠਿੰਡਾ ਦੇ ਪਿੰਡ ਭਗਤਾ ਦੇ ਕਿਸਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਪਿਛਲੇ 5 ਸਾਲਾਂ ਤੋਂ ਪੀ.ਆਰ 126 ਦੀ ਕਾਸ਼ਤ 10 ਏਕੜ ਰਕਬੇ ਵਿੱਚ ਕੀਤੀ ਜਾ ਰਹੀ ਹੈ ਅਤੇ ਪ੍ਰਤੀ ਏਕੜ ਪੈਦਾਵਾਰ 28 ਤੋਂ 30 ਕੁਇੰਟਲ ਮਿਲ ਜਾਂਦੀ ਹੈ ਅਤੇ ਖਰਚਾ ਬਹੁਤ ਘੱਟ ਹੁੰਦਾ ਹੈ ਜਦਕਿ ਪਹਿਲਾਂ ਪੱਕਣ ਵਿੱਚ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੇਰ ਨਾਲ ਪੱਕਦੀਆਂ ਸਨ ਅਤੇ ਖਰਚਾ ਵੀ ਜ਼ਿਆਦਾ ਆਉਂਦਾ ਹੈ।
ਬਠਿੰਡਾ ਬਲਾਕ ਦੇ ਕਿਸਾਨ ਗੁਰਰਾਜ ਸਿੰਘ ਨੇ ਦੱਸਿਆ ਕਿ ਪੀ.ਆਰ 126 ਕਿਸਮ ਪੰਜਾਬ ਦੀ ਇੱਕੋ-ਇੱਕ ਅਜਿਹੀ ਕਿਸਮ ਹੈ ਜੋ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪੀ.ਆਰ 126 ਕਿਸਮ ਦੀ ਉਚਾਈ ਘੱਟ ਹੋਣ ਕਾਰਨ ਪਰਾਲੀ ਘੱਟ ਬਣਦੀ ਹੈ, ਜਿਸ ਕਾਰਨ ਸਰਫੇਸ ਸੀਡਰ, ਸੁਪਰ ਸੀਡਰ, ਹੈਪੀ ਸੀਡਰ ਜਾਂ ਸਮਾਰਟ ਸੀਡਰ ਨਾਲ ਝੋਨੇ ਦੀ ਪਰਾਲੀ ਨੂੰ ਸਾੜੇ ਜਾਂ ਖੇਤ ਵਿੱਚੋਂ ਬਾਹਰ ਕੱਢੇ ਬਗੈਰ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।
ਬਲਾਕ ਸੰਗਤ ਦੇ ਪਿੰਡ ਘੁੱਦਾ ਦੇ ਕਿਸਾਨ ਹਰਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਝੋਨੇ ਦੀ ਪੀ.ਆਰ 126 ਕਿਸਮ ਲੁਆਈ ਤੋਂ ਬਾਅਦ 93 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਜਿਸ ਕਾਰਨ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਬਹੁਤ ਹੁੰਦੀ ਹੈ। ਇਹ ਝੋਨਾ ਜੂਨ ਦੇ ਅਖੀਰ ਜਾਂ ਜੁਲਾਈ ਦੇ ਪਹਿਲੇ ਪੰਦਰਵਾੜੇ ਦੌਰਾਨ ਲਵਾਈ ਕਾਰਨ ਉਸ ਸਮੇਂ ਬਰਸਾਤਾਂ ਵੀ ਸ਼ੁਰੂ ਹੋ ਜਾਂਦੀਆਂ ਹਨ। ਇਸੇ ਤਰ੍ਹਾਂ ਪਿੰਡ ਬੱਜੋਆਣਾ ਦੇ ਕਿਸਾਨ ਜਗਜੀਤ ਸਿੰਘ ਨੇ ਕਿਹਾ ਕਿ ਲਵਾਈ ਸਮੇਂ ਪੀ.ਆਰ 126 ਕਿਸਮ ਦੀ ਪਨੀਰੀ ਦੀ ਉਮਰ 25 ਤੋਂ 30 ਦਿਨ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਪਨੀਰੀ ਦੀ ਬਿਜਾਈ ਇੱਕੋ ਸਮੇਂ ਨਹੀਂ ਕਰਨੀ ਚਾਹੀਦੀ।
ਡਾ. ਕਰਮਜੀਤ ਸਿੰਘ ਗਿੱਲ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪੀ.ਆਰ 126 ਅਤੇ ਪੀ.ਆਰ 131 ਖਿਲਾਫ਼ ਹੋ ਰਹੇ ਕਿਸੇ ਵੀ ਕਿਸਮ ਦੇ ਗੁੰਮਰਾਹਕੁੰਨ ਪ੍ਰਚਾਰ ਤੇ ਭਰੋਸਾ ਨਾ ਕੀਤਾ ਜਾਵੇ ਅਤੇ ਇਸ ਕਿਸਮ ਹੇਠ ਵੱਧ ਤੋਂ ਵੱਧ ਰਕਬਾ ਬੀਜਿਆ ਜਾਵੇ। ਝੋਨੇ ਦੀਆਂ ਇਹ ਕਿਸਮਾਂ ਲੰਮੇ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਬਜਾਏ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਹਨ ਅਤੇ ਇਨ੍ਹਾਂ ਕਿਸਮਾਂ ਵਿੱਚ ਕਿਸਾਨਾਂ ਦਾ ਰੁਝਾਣ ਵਧਿਆ ਹੈ ਜੋ ਕਿ ਪੰਜਾਬ ਦੇ ਭਵਿੱਖ ਦੀ ਖੇਤੀ ਲਈ ਸ਼ੁਭ ਸੰਕੇਤ ਹੈ।