13 ਮਈ (ਗਗਨਦੀਪ ਸਿੰਘ) ਬਠਿੰਡਾ: ਪੰਜਾਬ ਪ੍ਰਜ਼ਰਵੇਸ਼ਨ ਆਫ ਸਬ-ਸੁਆਇਲ ਵਾਟਰ ਐਕਟ-2009 ਤਹਿਤ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਵੱਲੋ ਪੰਜਾਬ ਵਿੱਚ ਝੋਨੇ ਦੀ ਲਵਾਈ ਦੋ ਗੇੜਾਂ ਵਿੱਚ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਨੋਟੀਫਿਕੇਸ਼ਨ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) 15 ਮਈ ਤੋ 31 ਮਈ 2024 ਤੱਕ ਕਰ ਸਕਦੇ ਹਨ। ਝੋਨੇ ਦੀ ਸਿੱਧੀ ਬਿਜਾਈ ਨਾਲ 10-20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ। ਇਸ ਲਈ ਕਿਸਾਨ ਸਿੱਧੀ ਬਿਜਾਈ ਦੀ ਸੋਧੀ ਹੋਈ ਤਕਨੀਕ “ਤਰ-ਵੱਤਰ ਖੇਤ ਵਿੱਚ ਸਿੱਧੀ ਬਿਜਾਈ” ਅਪਨਾਉਣ। ਇਸ ਨਾਲ ਖੇਤੀ ਖਰਚੇ ਘਟਣ ਦੇ ਨਾਲ-ਨਾਲ ਕਿਸਾਨ ਦੀ ਆਰਥਿਕ ਸਥਿਤੀ ਵੀ ਮਜ਼ਬੂਤ ਹੁੰਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਨੋਟੀਫਿਕੇਸ਼ਨ ਅਨੁਸਾਰ ਜ਼ਿਲ੍ਹਾ ਬਠਿੰਡਾ ਦੇ ਕਿਸਾਨ ਝੋਨੇ ਦੀ ਲਵਾਈ 11 ਜੂਨ 2024 ਤੋ ਕਰ ਸਕਦੇ ਹਨ। ਨਿਸ਼ਚਿਤ ਮਿਤੀ ਤੋ ਪਹਿਲਾਂ ਕੋਈ ਵੀ ਕਿਸਾਨ ਝੋਨੇ ਦੀ ਲਵਾਈ ਨਹੀਂ ਕਰੇਗਾ। ਝੋਨੇ ਦੀ ਲਵਾਈ ਦੀ ਮਿਤੀ ਤੋਂ ਬਿਜਲੀ ਦੀ ਸਪਲਾਈ ਰੋਜ਼ਾਨਾ ਘੱਟੋ-ਘੱਟ 8 ਮੁਹੱਈਆ ਕਰਵਾਈ ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਲੰਮਾ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਪੀਲੀ ਪੂਸਾ, ਪੂਸਾ-44 ਅਤੇ ਡੋਗਰ ਪੂਸਾ ਦੀ ਬਿਜਾਈ ਤੋ ਗੁਰੇਜ਼ ਕੀਤਾ ਜਾਵੇ ਕਿਉਂਕਿ ਇਹ ਕਿਸਮਾਂ ਪੀ.ਆਰ.ਕਿਸਮਾਂ ਤੋਂ ਵੱਧ ਪਾਣੀ ਲੈਂਦੀਆਂ ਹਨ ਅਤੇ ਇਨ੍ਹਾਂ ਦੀ ਪਰਾਲੀ ਵੀ ਵੱਧ ਹੁੰਦੀ ਹੈ। ਇਸ ਲਈ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸਿਫਾਰਸ਼ ਪੀ.ਆਰ.ਕਿਸਮਾਂ ਦੀ ਹੀ ਬਿਜਾਈ ਕਰਨ।