ਚੰਡੀਗੜ੍ਹ, 5 ਮਾਰਚ, ਦੇਸ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਗਰੀਬਾਂ, ਆਮ ਲੋਕਾਂ, ਪੱਛੜੇ ਵਰਗ, ਅਨੁਸੂਚਿਤ ਜਾਤੀਆਂ, ਔਰਤਾਂ, ਬਜੁਰਗਾਂ ਅਤੇ ਦਿਵਿਆਂਗ ਵਰਗ ਦੇ ਲੋਕਾਂ ਨੂੰ ਤਰਜੀਹ ਦੇਣ ਵਾਲਾ ਹੈ ਜਿਸ ਨਾਲ ਇਹਨਾਂ ਵਰਗਾਂ ਨੂੰ ਹਲੂਣਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਤੀਜਾ ਬਜਟ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਉਪਰ ਚਾੜੇਗਾ ਅਤੇ ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਸੁਫਨੇ ਨੂੰ ਅਮਲੀ ਰੂਪ ਵਿੱਚ ਸਕਾਰ ਕਰੇਗਾ।
ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਬਜਟ ਦੌਰਾਨ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਪੋਸ਼ਣ ਅਭਿਆਨ, ਆਸ਼ੀਰਵਾਦ ਸਕੀਮ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪਹੁੰਚਯੋਗ ਭਾਰਤ ਮੁਹਿੰਮ ਲਈ 1053 ਕਰੋੜ ਰੁਪਏ, ਜਦਕਿ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ ਲਈ 260 ਕਰੋੜ ਰੁਪਏ ਰੱਖੇ ਗਏ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਰਜਸ਼ੀਲ ਹੈ।