- ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
14 ਮਾਰਚ (ਗਗਨਦੀਪ ਸਿੰਘ) ਬਠਿੰਡਾ: ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧੀਕ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਫੀਸ ਰੈਗੂਲੇਟਰੀ ਅਥਾਰਟੀ ਦੀ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨੂੰ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ 2019, ਰੂਲਾਂ ਅਤੇ ਸਿੱਖਿਆ ਵਿਭਾਗ ਵਲੋਂ ਪ੍ਰਾਈਵੇਟ ਸਕੂਲਾਂ ਲਈ ਪ੍ਰਾਪਤ ਹੋਈਆਂ ਹਦਾਇਤਾਂ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਖਿਲਾਫ ਪ੍ਰਾਪਤ ਹੁੰਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ, ਪ੍ਰਾਈਵੇਟ ਸਕੂਲਾਂ ਵੱਲੋਂ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣਏਡਿਡ ਐਜੂਕੇਸ਼ਨਲ ਇੰਸਟੀਚਿਊਟ ਐਕਟ ਅਤੇ ਰੂਲਜ਼ ਦੀ ਪਾਲਣਾ ਨਾ ਕਰਨ ਬਾਰੇ, ਆਉਂਦੇ ਵਿਦਿਅਕ ਸਾਲ 2024-25 ਦੌਰਾਨ ਸਕੂਲਾਂ ਵੱਲੋਂ ਕਿਤਾਬਾਂ, ਫੀਸਾਂ ਅਤੇ ਵਰਤੀਆਂ ਸਬੰਧੀ ਫੀਸ ਰੈਗੂਲੇਟਰੀ ਐਕਟ/ਰੂਲਜ਼ ਅਤੇ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਸਬੰਧੀ ਅਤੇ ਸੇਫ ਸਕੂਲ ਵਾਹਨ ਪਾਲਿਸੀ ਆਦਿ ਵਿਸ਼ਿਆਂ ਤੇ ਵਿਸਥਾਰਪੂਰਵਕ ਚਰਚਾ ਵੀ ਕੀਤੀ ਗਈ।
ਇਸ ਮੌਕੇ ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਸਿੱਖਿਆ ਵਿਭਾਗ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਅਧੀਨ ਆਉਂਦੇ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।