– ਸਿਰਫ਼ ਅਗਸਤ ਵਿੱਚ 200 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਕੀਤੀ ਸ਼ਲਾਘਾ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ
– ਡੀਜੀਪੀ ਗੌਰਵ ਯਾਦਵ ਨੇ ਨਸ਼ਿਆਂ ਵਿਰੁੱਧ ਸਖ਼ਤ ਰਣਨੀਤੀ ਉਲੀਕਣ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
– ਐਸ.ਐਚ.ਓ ਪੱਧਰ ਤੱਕ 700 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਮੀਟਿੰਗ ਵਿੱਚ ਵਰਚੁਅਲ ਤੌਰ ‘ਤੇ ਕੀਤੀ ਸ਼ਿਰਕਤ
ਚੰਡੀਗੜ੍ਹ, 29 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਫੀਲਡ ਅਫ਼ਸਰਾਂ ਨੂੰ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਪੱਖੀ ਰਣਨੀਤੀ— ਪੁਲਿਸ ਇੰਨਫੋਰਸਮੈਂਟ, ਨਸ਼ਾ ਛੁਡਾਊ ਅਤੇ ਪੁਨਰਵਾਸ— ਨੂੰ ਲਾਗੂ ਕੀਤਾ ਜਾਵੇਗਾ।
ਨਸ਼ਿਆਂ ਵਿਰੁੱਧ ਅਤਿ-ਆਧੁਨਿਕ ਰਣਨੀਤੀ ਤਿਆਰ ਕਰਨ ਲਈ ਅੱਜ ਡੀਜੀਪੀ ਸੂਬੇ ਦੇ ਸਾਰੇ ਅੱਠ ਰੇਂਜ ਆਈਜੀਜ਼/ਡੀਆਈਜੀਜ਼, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 410 ਤੋਂ ਵੱਧ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਐਸਟੀਐਫ ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਇੰਟੈਲੀਜੈਂਸ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਅਤੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੀ ਮੌਜੂਦ ਸਨ।
ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਫਿਲੌਰ ਵਿੱਚ ਪੰਜਾਬ ਪੁਲਿਸ ਅਕੈਡਮੀ ਵਿਖੇ ਡਰੱਗ ਤਸਕਰੀ ਬਾਰੇ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਤੋਂ ਇੱਕ ਦਿਨ ਬਾਅਦ ਕੀਤੀ ਗਈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ, ਨਸ਼ਿਆਂ ਦੀ ਮੰਗ ਘਟਾਉਣ ਤੇ ਪੀੜਤਾਂ ਨੂੰ ਇਲਾਜ ਪ੍ਰਦਾਨ ਕਰਨ ਲਈ ਮੀਟਿੰਗਾਂ, ਰੈਲੀਆਂ, ਸੈਮੀਨਾਰ ਕਰਕੇ ਅਤੇ ਹੋਰ ਵਿਭਾਗਾਂ ਦੇ ਤਾਲਮੇਲ ਨਾਲ ਵੱਡੇ ਪੱਧਰ ‘ਤੇ ਲੋਕਾਂ ਤੱਕ ਪਹੁੰਚ ਬਣਾ ਕੇ ਨਸ਼ਿਆਂ ਦੀ ਤਸਕਰੀ ਵਿਰੁੱਧ ਬਹੁ-ਪੱਖੀ ਰਣਨੀਤੀ ‘ਤੇ ਕੰਮ ਕਰ ਰਹੀ ਹੈ।
ਇਸ ਤੱਥ ਨੂੰ ਸਵੀਕਾਰ ਕਰਦਿਆਂ ਕਿ ਪੰਜਾਬ ਪੁਲਿਸ ਵੱਲੋਂ ਅਗਸਤ ਮਹੀਨੇ ਦੌਰਾਨ 200 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ ਨਸ਼ਿਆਂ ਵਿਰੁੱਧ ਬਹੁਤ ਵਧੀਆ ਕੰਮ ਕੀਤਾ ਗਿਆ ਹੈ, ਉਨ੍ਹਾਂ ਨਸ਼ਾ ਤਸਕਰਾਂ ਵਿਰੁੱਧ ਚੌਕਸੀ ਹੋਰ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਸਾਰੇ ਫੀਲਡ ਅਫਸਰਾਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੀਤੀਆਂ ਸਾਰੀਆਂ ਐਫ.ਆਈ.ਆਰਜ਼. ਦੇ ਅਗਲੇ-ਪਿਛਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਵੱਡੀਆਂ ਮੱਛੀਆਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਸਾਰੀਆਂ ਇਕਾਈਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਰਣਨੀਤੀ ਤਿਆਰ ਕਰਨ ਲਈ ਵੀ ਕਿਹਾ।
ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਨੂੰ ਸ਼ਾਮਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਸਮੂਹ ਐਸਐਚਓਜ਼ ਨੂੰ ਕਿਹਾ ਕਿ ਉਹ ਆਮ ਲੋਕਾਂ ਨਾਲ ਗੱਲਬਾਤ ਕਰਨ ਅਤੇ ਅਪਣੇ ਸੰਪਰਕ ਨੰਬਰ ਉਨ੍ਹਾਂ ਨਾਲ ਸਾਂਝੇ ਕਰਨ ਤਾਂ ਜੋ ਉਹ ਬੇਝਿਜਕ ਪੁਲਿਸ ਨਾਲ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰ ਸਕਣ।
ਜਿਕਰਯੋਗ ਹੈ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਖੇਡ, ਸਿਹਤ ਅਤੇ ਸਿੱਖਿਆ ਵਿਭਾਗ ਨਾਲ ਮਿਲ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਾਈਕਲ ਰੈਲੀਆਂ, ਪੇਂਟਿੰਗ ਮੁਕਾਬਲੇ, ਨੁੱਕੜ ਨਾਟਕ ਆਦਿ ਸਮੇਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਲਈ ਵੀ ਕਿਹਾ ਗਿਆ ਹੈ।