16 ਮਈ (ਗਗਨਦੀਪ ਸਿੰਘ) ਬਰਨਾਲਾ: ਸਿਹਤ ਵਿਭਾਗ ਬਰਨਾਲਾ ਵੱਲੋਂ ‘ ਆਓ ਸਮਾਜ ਨਾਲ ਜੁੜਕੇ ਡੇਂਗੂ ਨੂੰ ਕੰਟਰੋਲ ਕਰੀਏ ‘ ਵਿਸ਼ੇ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ‘ਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ। ਇਸ ਸਬੰਧੀ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਜਾਗਰੂਕਤਾ ਪੋਸਟਰ ਜਾਰੀ ਕਰਨ ਅਤੇ ਜਾਗਰੂਕਤਾ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ ।ਡਾ. ਸ਼ਰਮਾ ਨੇ ਦੱਸਿਆ ਕਿ ਡੇਂਗੂ ਦੀ ਬਿਮਾਰੀ ਦੀ ਰੋਕਥਾਮ ਕਰਨ ਲਈ ਸਮੇਂ ਸਮੇਂ ‘ਤੇ ਜਾਗਰੂਕਤਾ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਉਪਰਾਲੇ ਕੀਤੇ ਜਾਂਦੇ ਹਨ।
ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਤੇਜ ਬੁਖਾਰ, ਸਿਰ ਦਰਦ,ਮਾਸ ਪੇਸੀਆਂ ‘ਚ ਦਰਦ,ਚਮੜੀ ਤੇ ਦਾਣੇ,ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ‘ਚ ਚੈੱਕਅੱਪ ਕਰਾਉਣਾ ਚਾਹੀਦਾ ਹੈ ।
ਡਾ. ਮੁਨੀਸ ਕੁਮਾਰ ਜ਼ਿਲ੍ਹਾ ਐਪੀਡਿਮਾਲੋਜਿਟ ਨੇ ਦੱਸਿਆ ਕਿ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ‘ਚ ਫਰੀ ਕੀਤਾ ਜਾਂਦਾ ਹੈ।ਜ਼ਿਲ੍ਹਾ ਬਰਨਾਲਾ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਡੇਂਗੂ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਦੀ ਲੜੀ ਵਜੋਂ ਸਿਹਤ ਕਰਮਚਾਰੀਆਂ ਵੱਲੋਂ ਸਹਿਰ ‘ਚ ਜਾਗਰੂਕਤਾ ਰੈਲੀ ਵੀ ਕੀਤੀ ਗਈ।
ਸਿਹਤ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਡੇਂਗੂ ਦਾ ਮੱਛਰ ਸਾਫ ਖੜੇ ਪਾਣੀ ਵਿੱਚ ਪਲਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ।ਇਸ ਦਾ ਮੱਛਰ ਹਫਤੇ ‘ਚ ਆਂਡੇ ਤੋਂ ਪੂਰਾ ਮੱਛਰ ਬਣਦਾ ਹੈ।ਇਸ ਲਈ ਹਰੇਕ ਸ਼ੁਕਰਵਾਰ ਨੂੰ ਖੁਸਕ ਦਿਨ (ਡਰਾਈ ਡੇ) ਡੇਂਗੂ ਦੇ ਲਾਰਵੇ ਦੇ ਪੈਦਾ ਹੋਣ ਦੀ ਜਗ੍ਹਾ ਜਿਵੇਂ ਕੂਲਰ ਗਮਲੇ ਫਰਿੱਜ ਦੀ ਬੈਕ ਟ੍ਰੇਅ ਅਤੇ ਪਾਣੀ ਜਮ੍ਹਾਂ ਕਰਨ ਦੇ ਸੋਮਿਆਂ ਨੂੰ ਸਾਫ ਕਰਨ ਅਤੇ ਸੁਕਾਉਣਾ ਚਾਹੀਦਾ ਹੈ।ਮੱਛਰ ਦੇ ਕੱਟਣ ਤੋਂ ਬਚਣ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਾਏ ਜਾਣ,ਸੌਣ ਵੇਲੇ ਮੱਛਰਦਾਨੀ,ਮੱਛਰ ਭਜਾਉਣ ਵਾਲੀਆਂ ਕਰੀਮਾਂ, ਤੇਲ ਆਦਿ ਦੀ ਵਰਤੋਂ ਕੀਤੀ ਜਾਵੇ।ਟੁੱਟੇ ਬਰਤਨ ,ਡਰੰਮ , ਟਾਇਰਾਂ ਆਦਿ ਨੂੰ ਖੁੱਲੇ ‘ਚ ਨਾਂ ਸੁੱਟਿਆ ਜਾਵੇ ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਅਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਪ੍ਰਿੰਟ ਮਟੀਰੀਅਲ ਅਤੇ ਪ੍ਰੈਸ ਕਵਰੇਜ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਮੇਂ ਬਚਿੱਤਰ ਸਿੰਘ ਐਸ.ਐਲ.ਟੀ. ਅਤੇ ਸਿਹਤ ਕਰਮਚਾਰੀ ਹਾਜਰ ਸਨ।