ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਸਮੇਂ ਲੋਕ ਨਿਰਮਾਣ ਮੰਤਰੀ ਵੱਲੋਂ ਖੂਨਦਾਨ
ਚੰਡੀਗੜ੍ਹ, 27 ਦਸੰਬਰ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਤੋਂ ਸੇਧ ਲੈ ਕੇ ਅਸੀਂ ਆਪਣਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਸਮਰਪਿਤ ਕਰ ਸਕਦੇ ਹਾਂ।
ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ। ਉਹ ਆਪਣੇ ਪਰਿਵਾਰ ਸਮੇਤ 25 ਅਤੇ 26 ਦਸੰਬਰ ਨੂੰ ਜਥੇਦਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਜਥੇਦਾਰ ਕੁਲਵੰਤ ਸਿੰਘ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਨੰਦੇੜ ਪੁੱਜੇ ਸਨ।
ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 26 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਵਿਖੇ ਲਗਾਏ ਗਏ ਮੁਫਤ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਦਿਆਂ ਖੂਨਦਾਨ ਕੀਤਾ। ਉਨ੍ਹਾਂ ਨੇ ਸਰਬ ਧਰਮ ਸੰਮੇਲਨ ਅਤੇ ਕੀਰਤਨ ਦਰਬਾਰ ਵਿੱਚ ਵੀ ਹਾਜ਼ਰੀ ਭਰੀ ਅਤੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਹ ਪਰਿਵਾਰ ਸਮੇਤ ਗੁਰਦੁਆਰਾ ਗੁਰੂ ਨਾਨਕ ਝੀਰਾ ਸਾਹਿਬ, ਬਿਦਰ ਵਿਖੇ ਵੀ ਨਤਮਸਤਕ ਹੋਏ।