*ਸਵੀਪ ਜਾਗਰੂਕਤਾ ਮੁਹਿੰਮ*
19 ਮਾਰਚ (ਕਰਨ ਭੀਖੀ) ਮਾਨਸਾ: ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਟੀਮਾਂ ਵੱਲੋਂ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਜਾਗਰੂਕਤਾ ਮੁਹਿੰਮ ਤਹਿਤ ਸਵੀਪ ਟੀਮਾਂ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਦੀ ਅਗਵਾਈ ਹੇਠ ‘ਦਾ ਰੋਇਲ ਗਰੁੱਪ ਆਫ ਕਾਲਜਿਜ਼, ਬੋੜਾਵਾਲ’ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਸਵੀਪ ਨੋਡਲ ਅਫ਼ਸਰ ਸ੍ਰੀ ਪ੍ਰਦੀਪ ਸਿੰਘ ਅਤੇ ਸਵੀਪ ਆਈਕਨ ਸ੍ਰੀ ਊਧਮ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ’ਇਸ ਵਾਰ 70 ਪਾਰ’ ਵੋਟਿੰਗ ਦਾ ਟੀਚਾ ਮਿਥਿਆ ਗਿਆ ਹੈ ਅਤੇ ਜ਼ਿਲ੍ਹਾ ਮਾਨਸਾ ਵਿੱਚ ਵੋਟ ਪੋਲਿੰਗ ਦੇ ਇਸ ਟੀਚੇ ਨੂੰ ਪਾਰ ਕਰਨ ਲਈ ਜ਼ਿਲ੍ਹੇ ਦੇ ਸਾਰੇ ਵੋਟਰਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਵੋਟਰ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਵਿਚ ਆਪਣੀ ਭਾਗੀਦਾਰੀ ਵਧਾਉਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਆਉਂਦੇ ਦਿਨਾਂ ਵਿੱਚ ਸਵੀਪ ਮੁਹਿੰਮ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਵੀਪ ਜਾਗਰੂਕਤਾ ਤਹਿਤ ਕਰਵਾਏ ਵੱਖ ਵੱਖ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।
ਇਸ ਮੌਕੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ, ਚੋਣ ਕਾਨੂੰਗੋ ਅਮਰਨਾਥ, ਭੁਪਿੰਦਰ ਸਿੰਘ ਮੌਜੂਦ ਸਨ।