*ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਵੱਲੋਂ ਪਿੰਡ ਭੰਮੇ ਖੁਰਦ ਅਤੇ ਝੁਨੀਰ ਦੇ ਪਿੰਡਾਂ ਵਿਖੇ ਨਰਮੇ ਦੀ ਫਸਲ ਦਾ ਨਿਰੀਖਣ
13 ਮਈ (ਕਰਨ ਭੀਖੀ) ਮਾਨਸਾ: ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਸ੍ਰੀ ਜਸਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਨਰਮੇ ਦੀ ਬਿਜਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਸ੍ਰੀ ਧਰਮਪਾਲ ਵੱਲੋਂ ਮਾਨਸਾ ਵਿਖੇ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਦੀ ਬਿਜਾਈ ਦੀ ਹੁਣ ਤੱਕ ਦੀ ਪ੍ਰਗਤੀ ਵਾਚਣ ਲਈ ਮੀਟਿੰਗ ਕੀਤੀ ਗਈ।
ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਧਰਮਪਾਲ ਨੇ ਕਿਹਾ ਕਿ ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਸਸ਼ੁਦਾ ਕਿਸਮਾਂ ਦੀ ਬਿਜਾਈ ਲਈ ਹੀ ਪ੍ਰੇਰਿਤ ਕੀਤਾ ਜਾਵੇ ਅਤੇ ਕਿਸੇ ਵੀ ਹਾਲਤ ਵਿੱਚ ਗੁਜਰਾਤ ਜਾਂ ਅਣ—ਅਧਿਕਾਰਤ ਬੀਜ ਦੀ ਬਿਜਾਈ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀ ਕਿ ਇਹ ਬਿਜਾਈ ਦਾ ਢੁੱਕਵਾਂ ਸਮਾਂ ਹੈ, ਇਸ ਲਈ ਸਾਰੇ ਅਧਿਕਾਰੀ/ਕਰਮਚਾਰੀ ਆਪਣੇ ਅਲਾਟ ਕੀਤੇ ਪਿੰਡਾਂ ਵਿੱਚ ਰੋਜਾਨਾਂ ਦੌਰੇ ਕਰਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਪ੍ਰੇਰਿਤ ਕਰਨਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਅਲਾਟ ਕੀਤਾ ਗਿਆ ਟੀਚਾ ਹਰ ਹਾਲਤ ਵਿੱਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਹਰ ਬਲਾਕ ਵਿੱਚ 5—5 ਪ੍ਰਦਰਸ਼ਨੀ ਪਲਾਟ ਬਿਜਵਾਏ ਜਾਣ ਤਾਂ ਜੋ ਇਨ੍ਹਾਂ ਪਲਾਟਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾਂ ਦੀ ਸਿਫਾਰਸ਼ਾਂ ਨਾਲ ਨਰਮੇ ਦੀ ਫਸਲ ਨੂੰ ਕਾਮਯਾਬ ਕਰਕੇ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਟਾਂ ਤੇ ਨਰਮੇ ਦੀ ਬਿਜਾਈ ਵੱਲ ਵੀ ਪ੍ਰੇਰਿਤ ਕੀਤਾ ਜਾਵੇ ਕਿਉਂਕਿ ਇਸ ਤਕਨੀਕ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਝਾੜ ’ਤੇ ਵੀ ਕੋਈ ਮਾੜਾ ਅਸਰ ਨਹੀ ਪੈਂਦਾ।
ਇਸ ਮੌਕੇ ਖੇਤੀਬਾੜੀ ਅਫ਼ਸਰ ਭੀਖੀ, ਸ੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 11000 ਹੈਕਟੇਅਰ ਰਕਬੇ ਵਿੱਚ ਨਰਮੇ ਦੀ ਬਿਜਾਈ ਹੋ ਚੁੱਕੀ ਹੈ ਅਤੇ ਬਿਜਾਈ ਦਾ ਕੰਮ ਅਜੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਸੁਚੇਤ ਕੀਤਾ ਜਾਵੇ ਕਿ ਮੂੰਗੀ ਦੀ ਫਸਲ ਦੀ ਬਿਜਾਈ ਨਾ ਕੀਤੀ ਜਾਵੇ ਤਾਂ ਜੋ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਇਆ ਜਾ ਸਕੇ। ਉਨ੍ਹਾਂ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਖੇਤੀ ਖਰਚਿਆਂ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਗੇਤੀ ਬੀਜੀ ਗਈ ਨਰਮੇ ਦੀ ਫਸਲ ਨੂੰ ਪਹਿਲਾ ਪਾਣੀ 4 ਤੋਂ 6 ਹਫਤਿਆਂ ਬਾਅਦ ਅਤੇ ਜਿੱਥੇ ਬਿਜਾਈ ਵੱਟਾਂ ’ਤੇ ਕੀਤੀ ਗਈ ਹੋਵੇ ਜਾਂ ਹਲਕੀਆਂ ਜਮੀਨਾਂ ਵਿੱਚ ਪਾਣੀ ਪਹਿਲਾਂ ਵੀ ਦਿੱਤਾ ਜਾ ਸਕਦਾ ਹੈ।
ਮੀਟਿੰਗ ਉਪਰੰਤ ਉਨ੍ਹਾਂ ਪਿੰਡ ਭੰਮੇ ਖੁਰਦ ਅਤੇ ਝੁਨੀਰ ਦੇ ਪਿੰਡਾਂ ਵਿਖੇ ਨਰਮੇ ਦੀ ਫਸਲ ਦਾ ਨਿਰੀਖਣ ਕੀਤਾ ਗਿਆ। ਫੀਲਡ ਵਿਜਟ ਦੌਰਾਨ ਕੁੱਝ ਕਿਸਾਨਾਂ ਵੱਲੋਂ ਪਿਛਲੇ ਦਿਨਾਂ ਦੌਰਾਨ ਹੋਈ ਬਾਰਿਸ ਨਾਲ ਕਰੰਡ ਹੋਈ ਨਰਮੇ ਦੀ ਫਸਲ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ, ਜਿਸ ’ਤੇ ਸ੍ਰੀ ਧਰਮਪਾਲ, ਡਿਪਟੀ ਡਾਇਰੈਕਟਰ ਖੇਤੀਬਾੜੀ ਵੱਲੋਂ ਕਿਸਾਨਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।