* ਵੋਟਰ ਆਪਣੀ ਵੋਟ ਪਾਉਣ ਲਈ ਆਧਾਰ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਕਰ ਸਕਦੇ ਹਨ ਵਰਤੋਂ
30 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ 2024 ਤੱਕ ਬਣਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ, ਮਨਰੇਗਾ ਜੌਬ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ ਪਰ ਵਿਅਕਤੀ ਦਾ ਨਾਂ ਵੋਟਰ ਸੂਚੀ ਵਿਚ ਹੋਣਾ ਲਾਜ਼ਮੀ ਹੈ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦਾ “ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ 1 ਜੂਨ 2024 ਨੂੰ ਆਪਣੀ ਵੋਟ ਜ਼ਰੂਰ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।