12 ਮਾਰਚ (ਰਿੰਪਲ ਗੋਲਣ) ਭਿੱਖੀਵਿੰਡ: ਕਸਬਾ ਅਲਗੋਂ ਕੋਠੀ ‘ਚ 22 ਸਾਲਾ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਜੈ ਪੁੱਤਰ ਰਮੇਸ਼ ਕੁਮਾਰ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਰਮੇਸ਼ ਕੁਮਾਰ ਅਤੇ ਚਾਚਾ ਬਲਜੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਅਜੈ ਨਸ਼ੇ ਦਾ ਆਦੀ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਤੇ ਰਿਸ਼ਤੇਦਾਰਾਂ ਦੇ ਸਮਝਾਉਣ ਦੇ ਬਾਵਜੂਦ ਉਸ ਨੇ ਨਸ਼ਾ ਨਹੀਂ ਛੱਡਿਆ ਤੇ ਦਿਨ ਪ੍ਰਤੀ ਦਿਨ ਉਹ ਨਸ਼ੇ ਦੀ ਦਲ ਦਲ ਵਿੱਚ ‘ਚ ਇਸ ਕਦਰ ਧੱਸ ਗਿਆ ਕਿ ਬਾਹਰ ਨਹੀਂ ਨਿਕਲ ਸਕਿਆ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਅੱਜ ਸਮਾਂ ਕਰੀਬ 12 ਕੁ ਵਜੇ ਅਜੈ ਨੇ ਘਰ ਦੇ ਬਾਥਰੂਮ ਅੰਦਰ ਜਾ ਕੇ ਆਪਣੇ ਪ੍ਰਾਈਵੇਟ ਪਾਰਟ ‘ਤੇ ਟੀਕਾ ਲਗਾ ਲਿਆ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮੌਕੇ ਮ੍ਰਿਤਕ ਦੇ ਪਿਤਾ ਤੇ ਚਾਚੇ ਨੇ ਦੱਸਿਆ ਕਿ ਅਲਗੋਂ ਕੋਠੀ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ,ਪ੍ਰੰਤੂ ਪੁਲਸ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਨ ਦੀ ਬਜਾਏ ਮੂਕ ਦਰਸ਼ਕ ਬਣੀ ਨੌਜਵਾਨਾਂ ਦੀਆਂ ਮੌਤਾਂ ਦਾ ਤਮਾਸ਼ਾ ਦੇਖ ਰਹੀ ਹੈ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਐੱਸਐੱਸਪੀ ਤਰਨ ਤਾਰਨ ਨੂੰ ਅਪੀਲ ਕੀਤੀ ਕਿ ਇਲਾਕੇ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਡੱਕਿਆ ਜਾਵੇ ਤਾਂ ਜੋ ਸਾਡੇ ਨੌਜਵਾਨਾਂ ਨੂੰ ਮੌਤ ਦੇ ਖੂਹ ਵਿੱਚ ਡਿੱਗਣੋਂ ਬਚਾਇਆ ਜਾ ਸਕੇ। ਇਸ ਮਾਮਲੇ ਜਦੋਂ ਸਬੰਧੀ ਸਬ ਡਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤਇੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੀਡੀਆ ਦੇ ਮਾਧਿਅਮ ਰਾਹੀਂ ਅਲਗੋਂ ਕੋਠੀ ਤੋਂ ਨੌਜਵਾਨ ਦੀ ਮੌਤ ਹੋਣ ਸੰਬੰਧੀ ਜਾਣਕਾਰੀ ਮਿਲਣ ਮਗਰੋਂ ਉਨ੍ਹਾਂ ਵੱਲੋਂ ਸੰਬੰਧਤ ਪੁਲਸ ਚੌਂਕੀ ਨੂੰ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡੀਐੱਸਪੀ ਦਾ ਕਹਿਣਾ ਸੀ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉੱਧਰ ਨਸ਼ਿਆਂ ਦੀ ਭੇਟ ਚੜ੍ਹ ਰਹੇ ਨੌਂਜਵਾਨਾਂ ਪ੍ਰਤੀ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਐਂਟੀ ਡਰੱਗ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਮਨਾਵਾਂ ਨੇ ਕਿਹਾ ਕਿ ਜਿਲ੍ਹੇ ਅੰਦਰ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਪ੍ਰੰਤੂ ਸੂਬਾ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਨਸ਼ੇ ਦੇ ਸੌਦਾਗਰਾਂ ਨੂੰ ਦਬੋਚਣ ‘ਚ ਅਸਫਲ ਸਾਬਿਤ ਹੋ ਰਿਹਾ ਹੈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਤਰਨ ਤਾਰਨ ਜਿਲ੍ਹੇ ‘ਚ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਡੱਕਣ ਦੀ ਅਪੀਲ ਕੀਤੀ।