–ਸਿਹਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ
26 ਜੂਨ (ਗਗਨਦੀਪ ਸਿੰਘ) ਬਰਨਾਲਾ: ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਅਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਇਸ ਸਬੰਧੀ ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸ਼ਰਮਾ ਨੇ ਦੱਸਿਆ ਕਿ ਨਸ਼ਿਆਂ ਪ੍ਰਤੀ ਲੋਕਾਂ, ਖਾਸ ਕਰਕੇ ਨੌਜਵਾਨਾਂ ਦਾ ਵੱਧ ਰਿਹਾ ਰੁਝਾਨ ਸਾਡੇ ਸਮਾਜ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨਸ਼ੇ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਕਮਜ਼ੋਰ ਬਣਾ ਦਿੰਦੇ ਹਨ। ਨਸ਼ਿਆਂ ਦਾ ਲਗਾਤਰ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ,ਟੀ ਬੀ, ਕੈਂਸਰ, ਹੈਪੇਟਾਇਟਸ, ਗੁਰਦਿਆਂ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਸਰੀਰਿਕ ਕਮਜੋਰੀ, ਦਿਲ, ਜਿਗਰ, ਫੇਫੜੇ, ਮਿਹਦਾ, ਦਿਮਾਗ ਆਦਿ ਅੰਗਾਂ ਤੇ ਮਾੜਾ ਅਸਰ ਪੈਂਦਾ ਹੈ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ-ਕਮ-ਡਿਪਟੀ ਮੈਡੀਕਲ ਕਮਿਸ਼ਨਰ ਡਾ.ਗੁਰਮਿੰਦਰ ਕੌਰ ਔਜਲਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਇੱਕ ਨਸ਼ਾ ਛਡਾਊ ਕੇਂਦਰ ਚੱਲ ਰਿਹਾ ਹੈ ਜਿੱਥੇ ਮਰੀਜ਼ ਨੂੰ ਦਾਖਲ ਕਰਕੇ ਇਲਾਜ ਕੀਤਾ ਜਾਂਦਾ ਹੈ ਅਤੇ ਜ਼ਿਲ੍ਹੇ ਦੇ ਵੱਖ-ਵੱਖ 12 ਸਿਹਤ ਕੇਂਦਰਾਂ ਵਿੱਚ ਓਟ ਕਲੀਨਿਕ ਚੱਲ ਰਹੇ ਹਨ । ਜਿੱਥੇ ਨਸ਼ਾ ਛੱਡਣ ਲਈ ਰੋਜ਼ਾਨਾ ਗੋਲੀ ਦਿੱਤੀ ਜਾਂਦੀ ਹੈ।
ਡਾ. ਤਪਿੰਦਰਜੋਤ ਕੌਸ਼ਲ ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਡਾਕਟਰੀ ਸਲਾਹ ਅਨੁਸਾਰ ਨਸ਼ਿਆਂ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ। ਸਿਵਲ ਹਸਪਤਾਲ ਦੇ ਮਨੋਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਨਸ਼ਿਆਂ ਦੀ ਆਦਤ ਅਨੁਸਾਰ ਦੇਖਿਆ ਜਾਂਦਾ ਹੈ ਕਿ ਉਸ ਨੂੰ ਕਿਸ ਤਰਾਂ ਦੇ ਇਲਾਜ ਦੀ ਜ਼ਰੂਰਤ ਹੈ।
ਡਾ.ਗਗਨਦੀਪ ਸਿੰਘ ਸੇਖੋਂ, ਡਾ.ਲਿਪਸੀ ਮੋਦੀ ਮਾਨਸਿਕ ਰੋਗਾਂ ਦੇ ਮਾਹਿਰ, ਸੁਖਵਿੰਦਰ ਸਿੰਘ ਕਾਂਉਂਸਲਰ ਨੇ ਦੱਸਿਆ ਕਿ ਤੰਬਾਕੂ ਪਦਾਰਥ ਜਿਵੇਂ ਬੀੜੀ, ਸਿਗਰਟ, ਖੈਣੀ, ਪਾਨ ਮਸਾਲਾ ਆਦਿ ਵਿੱਚ ਬਹੁਤ ਸਾਰੇ ਰਸਾਇਣਕ ਅਤੇ ਜਹਿਰੀਲੇ ਤੱਤ ਹੁੰਦੇ ਹਨ ਜੋ ਸਰੀਰ ਨੂੰ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਲਗਾ ਦਿੰਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਨਸ਼ੇ ਦੀ ਆਦਤ 15 ਸਾਲ 25 ਸਾਲ ਦੀ ਉਮਰ ਚ ਲੱਗਦੀ ਹੈ। ਇਸ ਅਵਸਥਾ ‘ਚ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ। ਦਾਖਿਲ ਹੋ ਕੇ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਕਾਂਊਸਲਿੰਗ ਕੀਤੀ ਜਾਂਦੀ ਹੈ ਤਾਂ ਕਿ ਉਹ ਅੱਗੇ ਤੋਂ ਨਸ਼ਾ ਨਾਂ ਕਰੇ। ਇਸ ਮੌਕੇ ਡਾ. ਰਘਵੀਰ ਪ੍ਰਕਾਸ਼ ਸੀ.ਸੈ.ਸਕੂਲ ਬਰਨਾਲਾ ਦੇ ਪ੍ਰਿੰਸੀਪਲ ਕਸ਼ਮੀਰ ਸਿੰਘ, ਯਾਦਵਿੰਦਰ ਸਿੰਘ ਠੀਕਰੀਵਾਲ ਅਤੇ ਮਾਸਟਰ ਸੁਰਜੀਤ ਸਿੰਘ ਹਾਜ਼ਰ ਸਨ।