24 ਸਤੰਬਰ (ਨਾਨਕ ਸਿੰਘ ਖੁਰਮੀ) ਮਾਨਸਾ: ਬੀਤੇ ਦਿਨੀਂ ਬਾਲ ਭਵਨ ਮਾਨਸਾ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਦੀ ਇੱਕ ਜਰੂਰੀ ਮੀਟਿੰਗ ਬੁਲਾਈ ਗਈ। ਜਿਸ ਵਿੱਚ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਾਉਣ ਲਈ ਸੰਘਰਸ਼ ਦੀ ਰੂਪ ਰੇਖਾ ਉਲੀਕੀ ਗਈ। ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਸੂਬੇ ਵਿੱਚ ਪੁਰਾਣੀ ਪੈਨਸ਼ਨ ਨੂੰ ਬਹਾਲ ਨਾ ਕਰਨ ਉੱਤੇ ਕਰੜੀ ਨਿੰਦਾ ਕੀਤੀ ਗਈ। ਸੰਘਰਸ਼ ਕਮੇਟੀ ਦੇ ਸੂਬਾ ਕੋ ਕਨਵੀਨਰ ਕਰਮਜੀਤ ਸਿੰਘ ਤਾਮਕੋਟ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਸਰਕਾਰ ਦੁਆਰਾ ਸੂਬੇ ਵਿੱਚ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਸਬੰਧੀ ਨੋਟੀਫਕੇਸ਼ਨ ਜਾਰੀ ਕੀਤਾ ਗਿਆ ਸੀ। ਪਰ ਦੋ ਸਾਲ ਦਾ ਸਮਾਂ ਬੀਤਣ ਉਪਰੰਤ ਵੀ ਸਰਕਾਰ ਨੇ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ। ਜਦੋਂ ਕਿ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਨਵੀਂ ਪੈਨਸ਼ਨ ਸਕੀਮ ਨੂੰ ਭੰਗ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਗਈ ਹੈ। ਦਰਸ਼ਨ ਸਿੰਘ ਅਲੀਸ਼ੇਰ ਨੇ ਦੱਸਿਆ ਕਿ ਸੂਬੇ ਭਰ ਦੇ ਮੁਲਾਜ਼ਮਾਂ ਅੰਦਰ ਸਰਕਾਰ ਪ੍ਰਤੀ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਜੇਕਰ ਆਉਂਦੇ ਦਿਨਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ ਤਾਂ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਮੁਲਾਜ਼ਮਾਂ ਦਾ ਜਾਇਜ਼ ਹੱਕ ਹੈ ਅਤੇ ਇਸਨੂੰ ਪ੍ਰਾਪਤ ਕਰਨ ਲਈ ਉਹ ਹਰ ਸੰਘਰਸ਼ ਲੜਨਗੇ। ਅਧਿਆਪਕ ਆਗੂ ਲਖਵਿੰਦਰ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੀ ਟਾਲ ਮਟੋਲ ਵਾਲ਼ੀ ਨੀਤੀ ਦੇ ਵਿਰੋਧ ਵਿੱਚ 29 ਸਤੰਬਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਐੱਮ ਐੱਲ ਏ ਗੁਰਪ੍ਰੀਤ ਸਿੰਘ ਬਣਾਵਾਲੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਇਕੱਠੇ ਹੋ ਕੇ ਗੁਰਪ੍ਰੀਤ ਸਿੰਘ ਬਣਾਵਾਲੀ ਦੇ ਘਰ ਅੱਗੇ ਰੋਸ਼ ਪ੍ਰਦਰਸ਼ਨ ਕਰਦੇ ਹੋਏ ਪੁਰਾਣੀ ਪੈਨਸ਼ਨ ਸਕੀਮ ਨੂੰ ਦੁਬਾਰਾ ਲਾਗੂ ਕਰਨ ਦੀ ਮੰਗ ਰੱਖਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਨਰਿੰਦਰ ਸਿੰਘ ਮਾਖਾ, ਨਵਜੋਸ਼ ਸਪੋਲੀਆ, ਗੁਰਦੀਪ ਸਿੰਘ ਬਰਨਾਲਾ, ਸੁਖਚੈਨ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਭੀਖੀ, ਨਿਧਾਨ ਸਿੰਘ, ਹਰਫੂਲ ਸਿੰਘ ਬੋਹਾ, ਤਰਸੇਮ ਸਿੰਘ ਬੋੜਾਵਾਲ, ਗੁਰਪ੍ਰੀਤ ਸਿੰਘ ਦਲੇਲਵਾਲਾ, ਸ਼ਿੰਗਾਰਾ ਸਿੰਘ, ਮੱਘਰ ਸਿੰਘ, ਗੁਰਜੀਤ ਸਿੰਘ ਰੜ੍ਹ, ਬੇਅੰਤ ਸਿੰਘ ਰੜ੍ਹ, ਜਸਵਿੰਦਰ ਜੋਗਾ, ਕੁਲਦੀਪ ਸਿੰਘ ਅੱਕਾਂਵਾਲੀ ਆਦਿ ਅਧਿਆਪਕ ਆਗੂ ਹਾਜ਼ਰ ਸਨ।