- ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਹਿਰ ਚ ਪਾਏ ਯੋਗਦਾਨ ਨੇ ਭਾਰਤ ਦੀ ਦਿਸ਼ਾ ਅਤੇ ਦਸ਼ਾ ਨੂੰ ਦਿੱਤਾ ਨਵਾਂ ਮੋੜ
- ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਕੀਤਾ ਸਿਜਦਾ
- ਮੁੱਖ ਮਹਿਮਾਨ ਹਰਭਜਨ ਸਿੰਘ ਈਟੀਓ ਨੇ ਲਹਿਰਾਇਆ ਕੌਮੀ ਤਿੰਰਗਾ
- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਕੀਤਾ ਸਾਝਾਂ
- ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ
- ਲੋੜਵੰਦਾਂ ਨੂੰ ਵੰਡੇ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ
26 ਜਨਵਰੀ (ਗਗਨਦੀਪ ਸਿੰਘ)ਬਠਿੰਡਾ: ਪੰਜਾਬ ਦਾ ਇਤਿਹਾਸ ਖੂਨੀ ਸਾਕਿਆਂ ਦਾ ਇਤਿਹਾਸ ਹੈ। ਬਰਤਾਨਵੀ ਸਾਮਰਾਜ ਵਿਰੁੱਧ ਬਹਾਦਰੀ ਨਾਲ ਲੜਦਿਆਂ ਅਨੇਕਾਂ ਪੰਜਾਬੀ ਯੋਧੇ ਸ਼ਹੀਦੀਆਂ ਪਾ ਗਏ। ਸਰਦਾਰ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ, ਸਰਦਾਰ ਊਧਮ ਸਿੰਘ ਸੁਨਾਮ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ ਤੇ ਲਾਲਾ ਲਾਜਪਤ ਰਾਏ ਵਰਗੇ ਬਹਾਦਰ ਸੂਰਮਿਆਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਜ਼ਿੰਦਗੀ ਬਤੀਤ ਕਰ ਰਹੇ ਹਾਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸਬੰਧੋਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਏਡੀਜੀਪੀ ਬਠਿੰਡਾ ਰੇਂਜ ਸ਼੍ਰੀ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਬਠਿੰਡਾ ਸ਼੍ਰੀ ਹਰਮਨਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਜ਼ਿਲ੍ਹਾ ਵਾਸੀਆਂ ਨੂੰ 75ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕੀਤਾ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਉਨ੍ਹਾਂ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।
ਕੈਬਨਿਟ ਮੰਤਰੀ ਸ. ਈਟੀਓ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫੀਸਦੀ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ। ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਈ ਚੱਲੀਆਂ ਗ਼ਦਰ ਲਹਿਰ, ਬੱਬਰ ਅਕਾਲੀ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ, ਪਗੜੀ ਸੰਭਾਲ ਜੱਟਾ ਆਦਿ ਸੰਘਰਸ਼ੀ ਲਹਿਰਾਂ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ, ਸਿਹਤ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ, ਬਿਜਲੀ, ਖੇਤੀਬਾੜੀ, ਰੋਜ਼ਗਾਰ ਦੇ ਅਥਾਹ ਮੌਕੇ ਪੈਦਾ ਕਰਨ, ਆਰਥਿਕਤਾ ਤੇ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ, ਨਾਗਰਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਯਕੀਨੀ ਬਣਾਉਣ, ਬੁਨਿਆਦੀ ਢਾਂਚੇ ਅਤੇ ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਬਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ, ਨਸ਼ਿਆਂ ਦਾ ਖ਼ਾਤਮਾ ਕਰਨ, ਨਿਵੇਸ਼ ਅਤੇ ਉਦਯੋਗ-ਪੱਖੀ ਮਾਹੌਲ ਸਿਰਜਣ ਲਈ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 22 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕਰਨ ਦੇ ਨਾਲ-ਨਾਲ ਸੂਬੇ ਨੂੰ ਆਰਥਕ ਪੱਖੋਂ ਮਜ਼ਬੂਤ ਬਨਾਉਣ ਲਈ ਕਈ ਉਪਰਾਲੇ ਕੀਤੇ ਹਨ। ਸ. ਈਟੀਓ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਜੀਐਸਟੀ ਤੋਂ ਪ੍ਰਾਪਤ ਮਾਲੀਏ ਵਿੱਚ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 16.52 ਪ੍ਰਤੀਸ਼ਤ ਦਾ ਵਾਧਾ ਅਤੇ ਐਕਸਾਈਜ਼ ਤੋਂ ਮਾਲੀਏ ਵਿੱਚ 10.4 ਪ੍ਰਤੀਸ਼ਤ ਦਾ ਵਾਧਾ ਹਾਸਿਲ ਕੀਤਾ ਗਿਆ ਹੈ। ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੱਦੇਨਜ਼ਰ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਸੀਜ਼ਨ ਵਿੱਚ ਸਾਢੇ ਚਾਰ ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਕਰੀਬ 11000 ਜੇਤੂ ਖਿਡਾਰੀਆਂ ਨੂੰ ਵੀ 8.69 ਕਰੋੜ ਰੁਪਏ ਆਨਲਾਈਨ ਟਰਾਂਸਫਰ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਮਾਣ ਦੀ ਗੱਲ ਹੈ ਕਿ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ ਏਸ਼ੀਅਨ ਗੇਮਜ਼ ਦਾ 72 ਸਾਲ ਦਾ ਰਿਕਾਰਡ ਤੋੜਿਆ। ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਏਸ਼ੀਅਨ ਗੇਮਜ਼ ਦੇ ਮੈਡਲ ਜੇਤੂ 32 ਪੰਜਾਬੀ ਖਿਡਾਰੀਆਂ ਨੂੰ 29 ਕਰੋੜ 25 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ। ਇਸੇ ਸਮਾਗਮ ਵਿੱਚ ਗੋਆ ਵਿਖੇ ਹੋਈਆਂ ਨੈਸ਼ਨਲ ਗੇਮਜ਼ ਵਿੱਚ ਮੈਡਲ ਜਿੱਤਣ ਵਾਲੇ ਪੰਜਾਬ ਦੇ 136 ਖਿਡਾਰੀਆਂ ਨੂੰ ਵੀ 4 ਕਰੋੜ 58 ਲੱਖ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ। ਇਸ ਤੋਂ ਪਹਿਲਾਂ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਵਾਲੇ 58 ਖਿਡਾਰੀਆਂ ਨੂੰ ਤਿਆਰੀ ਲਈ 8 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ। ਹੁਣ ਤੱਕ ਹੋਏ ਵੱਖ-ਵੱਖ ਸਮਾਗਮਾਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 70 ਕਰੋੜ ਰੁਪਏ ਤੋਂ ਵੱਧ ਰਾਸ਼ੀ ਵੰਡੀ ਜਾ ਚੁੱਕੀ ਹੈ।ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਇਹ ਵੀ ਕਿਹਾ ਕਿ ਲੋੜਵੰਦਾਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗਜਨਾਂ ਅਤੇ ਬੇਸਹਾਰਾ ਬੱਚਿਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਪਿਛਲੇ 22 ਮਹੀਨਿਆਂ ਦੌਰਾਨ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਲਈ 6941.46 ਕਰੋੜ ਰੁਪਏ, ਵਿਧਵਾਵਾਂ ਨੂੰ 1912.85 ਕਰੋੜ ਰੁਪਏ, ਦਿਵਿਆਂਗਜਨਾਂ ਨੂੰ 806.01 ਕਰੋੜ ਰੁਪਏ, ਬੇਸਹਾਰਾ ਬੱਚਿਆਂ ਨੂੰ ਪੈਨਸ਼ਨ ਲਈ 646.22 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਇਸ ਸਮੇਂ ਪੈਨਸ਼ਨ ਸਕੀਮਾਂ ਅਧੀਨ 32 ਲੱਖ 84 ਹਜਾਰ 908 ਲਾਭਪਾਤਰੀ ਪੈਨਸ਼ਨ ਰਾਸ਼ੀ ਦਾ ਲਾਭ ਪ੍ਰਾਪਤ ਕਰ ਰਹੇ ਹਨ। ਮਾਨ ਸਰਕਾਰ ਨੇ ਸਮਾਜ ਦੇ ਸਮੁੱਚੇ ਵਿਕਾਸ ਲਈ ਉਪਰਾਲੇ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿੱਦਿਅਕ ਸੰਸਥਾ ਦੇ ਕੋਰਸ ਦੀ ਸਾਰੀ ਫੀਸ ਅਤੇ ਵਜੀਫੇ ਦੀ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਪਰਿਵਾਰਾਂ ਨੂੰ ਲੜਕੀ ਦੇ ਵਿਆਹ ’ਤੇ 51 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ 10 ਲੱਖ 77 ਹਜਾਰ ਰਾਸ਼ਨ ਕਾਰਡ ਬਹਾਲ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਲੋਕ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਲੈ ਸਕਣ। ਇਸ ਫੈਸਲੇ ਦੇ ਤਹਿਤ ਇਹ ਸਾਰੇ ਲਾਭਪਾਤਰੀ ਰਾਸ਼ਨ ਦਾ ਲਾਭ ਲੈਣ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਘਰ-ਘਰ ਰਾਸ਼ਨ ਪਹੁੰਚਾਉਣ ਲਈ ਸ਼ੁਰੂ ਕੀਤੀ ਜਾ ਰਹੀ ਸਕੀਮ ਦਾ ਫਾਇਦਾ ਵੀ ਉਠਾ ਸਕਣਗੇ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰੀਰਕ ਤੌਰ ਉਤੇ 76 ਫ਼ੀਸਦੀ ਤੋਂ 100 ਫ਼ੀਸਦੀ ਤੱਕ ਦਿਵਿਆਂਗ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕੀਤੀ ਗਈ ਹੈ। ਇਸੇ ਤਰ੍ਹਾਂ 51 ਫ਼ੀਸਦੀ ਤੋਂ 75 ਫ਼ੀਸਦੀ ਤੱਕ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 10 ਲੱਖ ਤੋਂ ਵਧਾ ਕੇ 20 ਲੱਖ ਰੁਪਏ ਅਤੇ 25 ਫ਼ੀਸਦੀ ਤੋਂ 50 ਫ਼ੀਸਦੀ ਤੱਕ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕੀਤੀ ਗਈ ਹੈ।
ਇਸ ਦੌਰਾਨ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੇ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕੀਤੀ ਹੈ। ਹੁਣ ਤੱਕ ਕਰੀਬ 550 ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ। ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਲਿਹਾਜ਼ ਨਹੀਂ ਕੀਤਾ। ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਬਠਿੰਡਾ ਜ਼ਿਲ੍ਹੇ ਅੰਦਰ ਚੱਲ੍ਹ ਰਹੇ 26 ਆਮ ਆਦਮੀ ਕਲੀਨਿਕਾਂ ਤੋਂ 24 ਜਨਵਰੀ 2024 ਤੱਕ 6 ਲੱਖ 62 ਹਜ਼ਾਰ 406 ਲੋੜਵੰਦ ਮਰੀਜ਼ ਸਿਹਤ ਸੇਵਾਵਾਂ ਦਾ ਲਾਹਾ ਲੈ ਚੁੱਕੇ ਹਨ।
ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 13 ਹੋਰ ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ ਜਿਨ੍ਹਾਂ ਚੋਂ 7 ਆਮ ਆਦਮੀ ਕਲੀਨਿਕਾਂ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਵੀ ਜਲਦ ਤਿਆਰ ਹੋ ਜਾਣਗੇ। ਇਨ੍ਹਾਂ ਕਲੀਨਿਕਾਂ `ਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਲੈਬ ਟੈਸਟ ਦੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 522 ਮੁਢਲੇ ਸਿਹਤ ਕੇਂਦਰਾਂ, 2951 ਸਬ ਸੈਂਟਰ/ਹੈਲਥ ਵੈੱਲਨੈਸ ਸੈਂਟਰ, 160 ਕਮਿਊਨਿਟੀ ਸਿਹਤ ਕੇਂਦਰ, 41 ਸਬ ਡਿਵੀਜ਼ਨਲ ਹਸਪਤਾਲਾਂ ਅਤੇ 23 ਜ਼ਿਲ੍ਹਾ ਹਸਪਤਾਲਾਂ ’ਚ ਲਗਭਗ 3 ਕਰੋੜ ਲੋਕਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਸੂਬੇ ਦਾ ਪਹਿਲਾ ਸਹਿਯੋਗੀ ਸੈਂਟਰ (ਵਨ ਸਟਾਪ ਸੈਂਟਰ ਫਾਰ ਸਪੈਸ਼ਲੀ ਏਬਲਡ) ਸਥਾਪਤ ਕੀਤਾ ਗਿਆ ਹੈ, ਜਿੱਥੇ ਦਿਵਿਆਂਗਾਂ ਨੂੰ ਇੱਕੋ ਛੱਤ ਹੇਠ ਹੀ ਸਾਰੀਆਂ ਲੋੜੀਂਦੀਆਂ ਸੁੱਖ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਇੱਥੇ ਦਿਵਿਆਂਗ ਵਿਅਕਤੀਆਂ ਨੂੰ ਬਣਾਵਟੀ ਅੰਗ ਜਿਵੇਂ ਕਿ ਲੱਤਾਂ, ਬਾਹਾਂ ਆਦਿ ਮੁਫ਼ਤ ‘ਚ ਮੁਹੱਈਆ ਕਰਵਾਏ ਜਾਣਗੇ। ਬਠਿੰਡਾ ਸਿਵਲ ਹਸਪਤਾਲ ਵਿਖੇ ਮਾਡਲ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ ਜੋ ਕਿ ਪਹਿਲਾਂ 50 ਬੈਡ ਦਾ ਸੀ, ਪਰ ਹੁਣ ਇਸ ਨੂੰ 100 ਬੈਡ ਦਾ ਬਣਾਇਆ ਜਾ ਰਿਹਾ ਹੈ। ਇੱਥੇ ਨਸ਼ਾ ਛੱਡਣ ਵਾਲੇ ਵਿਅਕਤੀਆਂ ਲਈ ਮੁਫ਼ਤ ਦਵਾਈ ਅਤੇ ਖਾਣੇ ਤੋਂ ਇਲਾਵਾ ਕੌਂਸਲਿੰਗ ਤੇ ਯੋਗਾ ਆਦਿ ਰਾਹੀਂ ਇਲਾਜ ਕੀਤਾ ਜਾਂਦਾ ਹੈ। ਬਠਿੰਡਾ ਵਿਖੇ ਲਗਭਗ 38 ਕਰੋੜ ਰੁਪਏ ਦੀ ਲਾਗਤ ਨਾਲ ਮੁਲਤਾਨੀਆਂ ਪੁਲ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਇਸ ਦੇ ਨਾਲ ਹੀ ਰਾਜ ਵਿੱਚ ਖੇਤੀਬਾੜੀ ਲਈ 100 ਪ੍ਰਤੀਸ਼ਤ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਪਿਛਲੇ 7 ਸਾਲਾਂ ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਨੂੰ ਚਾਲੂ ਕੀਤਾ ਗਿਆ, ਜਿਸ ਤੋਂ ਸੂਬੇ ਦੇ ਸਰਕਾਰੀ ਥਰਮਲ ਪਲਾਂਟਾਂ ਲਈ ਘੱਟ ਲਾਗਤ ‘ਤੇ ਕੋਲਾ ਮਿਲ ਰਿਹਾ ਹੈ। ਹੁਣ ਤੱਕ ਇਸ ਖਾਣ ਤੋਂ 33 ਲੱਖ ਮੀਟਰਕ ਟਨ ਕੋਲਾ ਪ੍ਰਾਪਤ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਰਾਜ ਦੀਆਂ ਵੱਖ ਵੱਖ ਸੜਕਾਂ ਤੋਂ ਆਪਣੀ ਮਿਆਦ ਪੂਰੀ ਕਰ ਚੁੱਕੇ 12 ਟੋਲ-ਪਲਾਜਾ ਨੂੰ ਬੰਦ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੀ ਆਮ ਜਨਤਾ ਨੂੰ ਲਗਭਗ 185 ਕਰੋੜ ਰੁਪਏ ਦੀ ਬਚਤ ਹੋਵੇਗੀ।
ਇਸ ਤੋਂ ਪਹਿਲਾਂ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਪਰੇਡ ਕਮਾਂਡਰ ਸ਼੍ਰੀ ਮਨੋਜ ਅਗਰਵਾਲ, ਪੀਪੀਐਸ ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟ, ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਹੋਰ ਪੁਲਿਸ ਤੇ ਆਰਮੀ ਦੇ ਬੈਂਡਾਂ ਦੀ ਟੁਕੜੀ ਵੱਲੋਂ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੀ.ਟੀ. ਸ਼ੋਅ, ਗਿੱਧਾ, ਭੰਗੜਾ ਆਦਿ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।
ਇਸ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਵਲੋਂ ਆਪੋਂ-ਆਪਣੇ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗ-ਬਿਰੰਗੇ ਗੁਬਾਰੇ ਛੱਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਸਮਾਗਮ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਆਜ਼ਾਦੀ ਘੁਲਾਟੀਆਂ, ਪੁਲਿਸ ਤੇ ਫ਼ੌਜ ਚ ਸ਼ਹੀਦ ਹੋਏ ਸੂਰਬੀਰਾਂ ਦੇ ਪਰਿਵਾਰਾਂ ਤੋਂ ਇਲਾਵਾ ਆਪਣੀ ਡਿਊਟੀ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਸੁਮੀਤ ਮਲਹੋਤਰਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਸ਼੍ਰੀ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ, ਇੰਮਪਰੂਵਮੈਂਟ ਟਰਸਟ ਬਠਿੰਡਾ ਸ਼੍ਰੀ ਜਤਿੰਦਰ ਭੱਲਾ, ਚੇਅਰਮੈਨ ਸ਼ੂਗਰਫੈਡ ਪੰਜਾਬ ਸ਼੍ਰੀ ਨਵਦੀਪ ਜੀਦਾ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ, ਐਸਡੀਅਮ ਬਠਿੰਡਾ ਸ਼੍ਰੀਮਤੀ ਇਨਾਯਤ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਪੰਕਜ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਸ. ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।