ਕਿਹਾ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਤੇ ਉਜੜਨ ਤੋਂ ਬਚਾਉਣਾ ਹੈ ਸਰਕਾਰ ਦੀ ਪਹਿਲ ਕਦਮੀ
- ਕਾਂਗੜ ਵਿਖੇ 15 ਕਰੋੜ ਦੀ ਲਾਗਤ ਵਾਲੇ ਆਲੂ ਕੋਲਡ ਸਟੋਰ ਦਾ ਕੀਤਾ ਉਦਘਾਟਨ
- ਗੜ੍ਹੇਮਾਰੀ ਵਾਲੇ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਕੀਤੀ ਗੱਲਬਾਤ
–ਸਪੈਸ਼ਲ ਗਿਰਦਾਵਰੀ ਦੇ ਦਿੱਤੇ ਅਧਿਕਾਰੀਆਂ ਨੂੰ ਨਿਰਦੇਸ਼
ਕਾਂਗੜ (ਬਠਿੰਡਾ), 8 ਮਾਰਚ, ਦੇਸ ਪੰਜਾਬ ਬਿਊਰੋ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ” ਬਣਾਉਣ ਲਈ ਵਿਸ਼ੇਸ਼ ਪਹਿਲਕਦਮੀਆਂ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਤਹਿਤ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਕਾਂਗੜ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਅਤੇ 5000 ਮੀਟਰਕ ਟਨ ਸਮਰੱਥਾ ਵਾਲੇ ਆਲੂ ਕੋਲਡ ਸਟੋਰ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਨਗਰ ਸੁਧਾਰ ਟਰਸਟ ਸ. ਜਤਿੰਦਰ ਭੱਲਾ ਤੇ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਸ਼੍ਰੀ ਮੰਗਲ ਸਿੰਘ ਬਾਸੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਤੋਂ ਇਲਾਵਾ ਵਿਕਾਸ ਕਾਰਜਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੋਲਡ ਸਟੋਰ ਦੇ ਚਾਲੂ ਹੋਣ ਨਾਲ ਇਸ ਖੇਤਰ ਦੇ ਆਲੂ ਉਤਪਾਦਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਸਦੇ ਹੋਏ ਕਿਹਾ ਕਿ ਜੋ ਪਿਛਲੀਆਂ ਸਰਕਾਰਾਂ ਅਖੀਰਲੇ ਵਰਿਆਂ ਦੌਰਾਨ ਕਰਦੀਆਂ ਸਨ, ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲੇ ਵਰ੍ਹੇ ਚ ਹੀ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਤੋਂ ਇਲਾਵਾ, ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਖੋਲ੍ਹ ਕੇ ਲੋਕਾਂ ਦੇ ਦਰਾਂ ਨੇੜੇ ਸਹੂਲਤਾਂ ਪ੍ਰਦਾਨ ਕਰਵਾਈਆਂ ਹਨ। ਇਸ ਤੋਂ ਇਲਾਵਾ ਆਪ ਸਰਕਾਰ ਆਪ ਦੇ ਦੁਆਰ ਤਹਿਤ ਸਪੈਸ਼ਲ ਕੈਂਪ ਲਗਾ ਕੇ ਇੱਕੋ ਛੱਤ ਹੇਠ ਆਮ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 45 ਹਜ਼ਾਰ ਤੋਂ ਵਧੇਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਬਿਨ੍ਹਾਂ ਕਿਸੇ ਸਿਫ਼ਾਰਿਸ ਤੋਂ ਸਿਰਫ਼ ਮੈਰਿਟ ਦੇ ਆਧਾਰ ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਕਰਨ ਲਈ ਅੱਗੇ ਵਧ ਰਹੀ ਹੈ।
ਇਸ ਉਪਰੰਤ ਕੈਬਨਿਟ ਮੰਤਰੀ ਸ. ਖੁੱਡੀਆਂ ਵੱਲੋਂ ਬੀਤੇ ਦਿਨੀਂ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਵਾਲੇ ਨੰਦਗੜ੍ਹ, ਬਾਜਕ, ਕਾਲਝਰਾਣੀ, ਚੱਕ ਅਤਰ ਸਿੰਘ ਆਦਿ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਕਿਸਾਨਾਂ ਨੂੰ ਹੌਂਸਲਾ ਦਵਾਇਆ ਕਿ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਇਸ ਮੌਕੇ ਹਾਜ਼ਰੀਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗੜ੍ਹੇਮਾਰੀ ਨਾਲ ਪ੍ਰਭਾਵਿਤ ਖੇਤਾਂ ਦੀ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਲਦ ਮੁਹੱਈਆ ਕਰਵਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਕੰਵਰਜੀਤ ਸਿੰਘ, ਜਨਰਲ ਮੈਨੇਜਰ ਪੰਜਾਬ ਐਗਰੀ ਐਕਸਪੋਰਟ ਸ੍ਰੀ ਰਣਬੀਰ ਸਿੰਘ, ਸਹਾਇਕ ਮੈਨੇਜਰ ਪੰਜਾਬ ਐਗਰੀ ਐਕਸਪੋਰਟ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਗੁਰਜਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਬਲਜਿੰਦਰ ਸਿੰਘ ਤੇ ਮੁਖਤਆਰ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਰਮਨਦੀਪ ਕੌਰ, ਖੇਤੀਬਾੜੀ ਵਿਸਥਾਰ ਅਫ਼ਸਰ ਸੁਖਜਿੰਦਰ ਸਿੰਘ ਤੋਂ ਇਲਾਵਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਸਮੁੱਚੀ ਟੀਮ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੀ।