ਲੋਕ ਸਭਾ ਚੋਣਾਂ-2024
ਚੰਡੀਗੜ੍ਹ, 20 ਮਾਰਚ, ਦੇਸ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਹਨਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਕਰਕੇ ਅਪਣਾਈ ਜਾਂਦੀ ਹੈ।
ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਹੁਕਮ ਪੁਲਿਸ ਦੇ ਡਾਇਰੈਕਟਰ ਜਨਰਲ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲਾਂ, ਪੁਲਿਸ ਦੇ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰ ਅਤੇ ਫੀਲਡ), ਪੁਲਿਸ ਕਮਿਸ਼ਨਰਾਂ, ਪੁਲਿਸ ਡਿਪਟੀ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰਾਂ ਅਤੇ ਫੀਲਡ) ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਹੈੱਡਕੁਆਰਟਰ ਅਤੇ ਫੀਲਡ), ਸੀਨੀਅਰ ਪੁਲਿਸ ਸੁਪਰਡੈਂਟ, ਪੁਲਿਸ ਸੁਪਰਡੈਂਟ, ਸਬ-ਡਵੀਜ਼ਨਲ ਪੁਲਿਸ ਅਫਸਰ ਜਿਵੇਂ ਕਿ ਡਿਪਟੀ ਸੁਪਰਡੈਂਟ ਆਫ ਪੁਲਿਸ, ਅਤੇ ਹੋਰ ਪੁਲਿਸ ਅਧਿਕਾਰੀ/ਸਮੇਤ ਇੰਸਪੈਕਟਰ, ਸਬ ਇੰਸਪੈਕਟਰ, ਸਹਾਇਕ ਸਬ-ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ‘ਤੇ ਲਾਗੂ ਹੋਣਗੇ।
ਉਨ੍ਹਾਂ ਕਿਹਾ ਕਿ ਡੈਪੂਟੇਸ਼ਨ ਦੇ ਹੁਕਮ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹਿਣਗੇ।