– ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ ਇਹ ਛਾਪੇਮਾਰੀ
– ਇੰਸਪੈਕਟਰਾਂ/ਐਸ.ਆਈਜ਼. ਦੀ ਅਗਵਾਈ ਹੇਠ 100 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ
ਚੰਡੀਗੜ੍ਹ, 5 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ ‘ਤੇ ਵੱਡੇ ਪੱਧਰ ‘ਤੇ ਘੇਰਾਬੰਦੀ ਅਤੇ ਜਾਂਚ ਮੁਹਿੰਮ ਚਲਾਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ।
ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਦੀ ਯੋਜਨਾ ਕਈ ਵਿਅਕਤੀਆਂ ਤੋਂ ਪੁੱਛਗਿੱਛ ਦੀ ਬਾਅਦ ਤਿਆਰ ਕੀਤੀ ਗਈ ਸੀ, ਜਿਨ੍ਹਾਂ ਦੇ ਦੇਸ਼ ਦੇ ਅੰਦਰ ਅਤੇ ਬਾਹਰ ਬੈਠੇ ਸਮਾਜ ਵਿਰੋਧੀ ਅਨਸਰਾਂ ਨਾਲ ਸਬੰਧ ਹਨ।
ਜ਼ਿਕਰਯੋਗ ਹੈ ਕਿ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕਰਨ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀਆਂ 115 ਦੇ ਕਰੀਬ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਸ਼ਰਾਰਤੀ ਅਨਸਰਾਂ ਨਾਲ ਜੁੜੇ ਘਰਾਂ ਅਤੇ ਹੋਰ ਅਹਾਤਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਹੈ ਅਤੇ ਉਨ੍ਹਾਂ ਦੇ ਮੋਬਾਈਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤੋੜਨਾ ਹੈ, ਜੋ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।
ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਮਦਦ ਕਰਦੇ ਹਨ।