• ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਕਾਰਵਾਈ ਦੇ ਦਿੱਤੇ ਨਿਰਦੇਸ਼
• ਖੇਤੀਬਾੜੀ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ, 3 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।
ਸ. ਖੁੱਡੀਆਂ ਅੱਜ ਇੱਥੇ ਕਿਸਾਨ ਭਵਨ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਉਨ੍ਹਾਂ ਨੇ ਡਾਇਰੈਕਟਰ ਖੇਤੀਬਾੜੀ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਅਧਿਕਾਰੀਆਂ ਜੋ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਅਤੇ ਟੈਸਟਿੰਗ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੇ ਹਨ, ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਜਾਣੂ ਕਰਵਾਇਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ 13 ਦਸੰਬਰ 2023 ਨੂੰ ਗਠਿਤ ਉਡਣ ਦਸਤਿਆਂ ਦੀਆਂ ਪੰਜ ਟੀਮਾਂ ਨੇ 110 ਰਿਟੇਲ/ਹੋਲਸੇਲ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ 134 ਸੈਂਪਲ ਲਏ। ਇਨ੍ਹਾਂ ਟੀਮਾਂ ਵੱਲੋਂ 28 ਡੀਲਰਾਂ ਦੀ ਵਿਕਰੀ ਬੰਦ ਕਰਨ ਤੋਂ ਇਲਾਵਾ ਨੰਗਲ ਵਿਖੇ ਇਕ ਐਫ.ਆਈ.ਆਰ. ਦਰਜ ਕਰਵਾਈ ਗਈ ਹੈ।
ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਕਣਕ ਉੱਤੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਨੂੰ ਕੰਟਰੋਲ ਕਰ ਲਿਆ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫ਼ਸਲ ‘ਤੇ ਕਿਸੇ ਵੀ ਕੀੜੇ ਦੇ ਹਮਲੇ ਦੀ ਨਿਗਰਾਨੀ ਲਈ ਪੈਸਟ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਸ੍ਰੀ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਈ-ਕੇ.ਵਾਈ.ਸੀ. ਮੁਕੰਮਲ ਕਰਨ ਦੀ ਅਪੀਲ ਕੀਤੀ।
ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਕਿਸਾਨ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਖੇਤੀ ਵਿੱਚ ਕਿਸਾਨਾਂ ਨੂੰ ਤਕਨੀਕੀ ਮਾਰਗਦਰਸ਼ਨ ਅਤੇ ਸਹਾਇਤਾ ਦੇਣ ਲਈ ਵੀ ਕਿਹਾ।
ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਮਿਸ ਅੰਮ੍ਰਿਤ ਕੌਰ ਗਿੱਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।