ਡਾ ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ
ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ
ਚੰਡੀਗੜ੍ਹ, 24 ਅਗਸਤ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਵੀਰ ਸਿੰਘ ਪੁੱਤਰ ਸ੍ਰੀ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਫਾਜਿਲਕਾ ਦੇ ਵਾਸੀ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਸੁਖਤਿਆਰ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਸਿਰਕੀਬੰਦ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਉਸ ਵੱਲੋਂ ਇਸ ਸਰਟੀਫਿਕੇਟ ਦੇ ਅਧਾਰ ਤੇ ਈ.ਟੀ.ਟੀ. ਵਿੱਚ ਦਾਖਲਾ ਲਿਆ ਗਿਆ ਸੀ। ਜ਼ਿਲ੍ਹਾ ਭਲਾਈ ਅਫਸਰ, ਫਿਰੋਜ਼ਪੁਰ ਦੀ ਸਾਲ 2001 ਦੀ ਰਿਪੋਰਟ ਅਨੁਸਾਰ ਉਸ ਦੀ ਜਾਤੀ ਗਲਤ ਹੋਣ ਕਾਰਣ ਈ.ਟੀ.ਟੀ ਦੇ ਚੌਥੇ ਸਮੈਸਟਰ ਦਾ ਰਿਜਲਟ ਰੋਕ ਲਿਆ ਗਿਆ ਤੇ ਐਸ.ਸੀ.ਈ.ਆਰ.ਟੀ ਵੱਲੋਂ ਈ.ਟੀ.ਟੀ ਦਾ ਦਾਖਲਾ ਰੱਦ ਕਰ ਦਿੱਤਾ ਸੀ। ਉਸ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਮਿਤੀ 6-4-2004 ਰਾਹੀਂ ਉਸ ਨੂੰ ਰਾਹਤ ਨਾ ਦਿੰਦੇ ਹੋਏ, ਰਿਟ ਡਿਸਮਿਸ ਕਰ ਦਿੱਤੀ ਸੀ। ਇਸਦੇ ਬਾਵਜੂਦ ਉਸਨੇ ਸਰੰਡਰ ਨਹੀ ਕੀਤਾ ਸਗੋਂ ਬੀ.ਐਡ ਕਰਕੇ 2006 ਵਿੱਚ ਇਸ ਸਰਟੀਫਿਕੇਟ ਦੇ ਅਧਾਰ ਤੇ ਪੰਜਾਬੀ ਲੈਕਚਰਾਰ ਦੀ ਨੋਕਰੀ ਹਾਸਲ ਕੀਤੀ।
ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਸੁਖਤਿਆਰ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 577 ਮਿਤੀ 09.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।