- ਕਟੌਤੀ ਵਾਪਸੀ ਨਾਂ ਹੋਈ ਤਾਂ ਕਰਾਂਗੇ ਤਿੱਖਾ ਸੰਘਰਸ਼ : ਰੇਸ਼ਮ ਸਿੰਘ
21 ਅਗਸਤ (ਨਾਨਕ ਸਿੰਘ ਖੁਰਮੀ) ਬਠਿੰਡਾ: ਲੰਘੀ16 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਦੌਰਾਨ ਦੇਸ਼ ਦੀਆਂ ਟਰੇਡ ਯੂਨੀਅਨਾਂ ਆਰਗਨਾਈਜੇਸ਼ਨਾ , ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ ਅਧਿਆਪਕ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਵੱਲੋਂ ਇਸ ਹੜਤਾਲ ਵਿੱਚ ਹਿੱਸਾ ਲਿਆ ਗਿਆ। ਇਸ ਦੌਰਾਨ ਕੁਝ ਜਿਲ੍ਹਿਆਂ ਵਿੱਚ ਸਬੰਧਿਤ ਸਕੂਲ ਮੁਖੀਆਂ ਵੱਲੋਂ ਅਧਿਆਪਕਾਂ ਦੀ ਹੜਤਾਲ ਵਾਲੇ ਦਿਨ ਦੀ ਤਨਖਾਹ ਕਟੌਤੀ ਕੀਤੀ ਗਈ ਸੀ ।ਜਿਸ ਖਿਲਾਫ ਜਥੇਬੰਦੀਆਂ ਵੱਲੋਂ ਸੰਘਰਸ਼ ਕਰਕੇ ਤਨਖਾਹ ਕਟੌਤੀ ਵਾਪਸ ਕਰਵਾਈ ਗਈ ਸੀ।ਪਰ ਹੁਣ ਪਿਛਲੇ ਦਿਨੀ ਵਿਭਾਗ ਵੱਲੋਂ ਡੀ ਈ,ਓ, ਬਠਿੰਡਾ ਅਤੇ ਫਾਜਲਿਕਾ ਨੂੰ ਅਗਵਾਈ ਪੱਤਰ ਜਾਰੀ ਕਰਕੇ ਹੜਤਾਲੀ ਅਧਿਆਪਕਾਂ ਦੀ ਇੱਕ ਦਿਨ ਦੀ ਤਨਖਾਹ ਕੱਟਣ ਦਾ ਹੁਕਮ ਦਿੱਤਾ ਗਿਆ ਹੈ। ਜੋ ਸੰਘਰਸ਼ ਕਰਨ ਵਾਲੇ ਲੋਕਾਂ ਦੇ ਸੰਘਰਸ਼ ਕਰਨ ਦੇ ਹੱਕ ਉੱਤੇ ਡਾਕਾ ਅਤੇ ਉਹਨਾਂ ਦੀ ਜੁਬਾਨਬੰਦੀ ਕਰਨਾ ਹੈ। ਡੈਮੋਕਰੇਟਿਕ ਟੀਚਰ ਫਰੰਟ ਬਠਿੰਡਾ ਪੰਜਾਬ ਵੱਲੋਂ ਸਰਕਾਰ ਦੇ ਇਸ ਫੈਸਲੇ ਦੀ ਕਰੜੀ ਆਲੋਚਨਾ ਕਰਦਿਆਂ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਸੁਬਾਈ ਸਰਕਾਰਾਂ ਵੱਲੋਂ ਮੁਲਾਜ਼ਮ ਵਰਗ ਦੀਆਂ ਅਹਿਮ ਅਤੇ ਬੁਨਿਆਦੀ ਮੰਗਾਂ, ਪੁਰਾਣੀ ਪੈਨਸ਼ਨ ਬਹਾਲੀ, ਤਨਖਾਹ ਕਮਿਸ਼ਨ ਦੇ ਬਕਾਏ, ਜਨਵਰੀ 2020 ਤੋਂ ਬਾਅਦ ਭਰਤੀ ਕੀਤੇ ਕਰਮਚਾਰੀਆਂ ਤੇ ਅਧੂਰਾ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਨ ਸਮੇਤ ਬਾਕੀ ਮੰਗਾਂ ਦੀ ਪੂਰਤੀ ਲਈ ਕੀਤੀ ਗਈ ਸੀ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ,ਮੀਤ ਪ੍ਰਧਾਨ ਵਿਕਾਸ ਗਰਗ ਅਤੇ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ ਨੇ ਸਰਕਾਰ ਨੂੰ ਇਹ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਹੜਤਾਲੀ ਅਧਿਆਪਕਾਂ ਦੀ ਤਨਖਾਹ ਕਟੌਤੀ ਕਰਕੇ ਉਹਨਾਂ ਦੀ ਜੁਬਾਨਬੰਦੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਦੇ ਖਿਲਾਫ ਜ਼ਿਮਨੀ ਚੋਣਾਂ ਦੌਰਾਨ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਦੇ ਫੈਸਲਿਆਂ ਖਿਲਾਫ ਆਪਣੀਆਂ ਮੰਗਾਂ ਦੇ ਲਈ ਸੰਘਰਸ਼ ਕਰਨਾ ਜਾਂ ਹੜਤਾਲ ਕਰਨਾ ਹਰ ਇੱਕ ਵਿਆਕਤੀ ਦਾ ਸੰਵਿਧਾਨਕ ਅਤੇ ਜਮਹੂਰੀ ਹੱਕ ਹੈ । ਜੇਕਰ ਸਰਕਾਰ ਲੋਕਾਂ ਦੇ ਇਸ ਜਮਹੂਰੀ ਹੱਕ ਨੂੰ ਕੁਚਲਣ ਦੀ ਕੋਸ਼ਿਸ਼ ਕਰੇਗੀ ਤਾਂ ਉਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੁਲਕ ਪੱਧਰ ਉੱਤੇ ਪਹਿਲਾਂ ਵੀ ਬਹੁਤ ਵਾਰ ਹੜਤਾਲਾਂ ਹੋਈਆਂ ਹਨ ਪਰ ਕਦੀ ਵੀ ਸਰਕਾਰ ਵੱਲੋਂ ਇਸ ਤਰ੍ਹਾਂ ਅਧਿਆਪਕਾਂ ,ਮੁਲਾਜ਼ਮਾਂ ਅਤੇ ਸੰਘਰਸ਼ ਕਰਨ ਵਾਲੇ ਲੋਕਾਂ ਦੀ ਜੁਬਾਨਬੰਦੀ ਨਹੀਂ ਕੀਤੀ। ਉਹਨਾਂ ਕਿਹਾ ਕਿ ਸਰਕਾਰ ਸੰਘਰਸ਼ ਕਰਨ ਵਾਲੇ ਲੋਕਾਂ ਖਿਲਾਫ ਫੈਸਲੇ ਕਰਨ ਦੀ ਥਾਂ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਦੇ ਕੇ ਓਹਨਾ ਦੀ ਤੁਰੰਤ ਪੂਰਤੀ ਕਰੇ। ਵਿੱਤ ਸਕੱਤਰ ਅਨਿਲ ਭੱਟ, ਜੱਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ, ਜਿਲ੍ਹਾ ਕਮੇਟੀ ਮੈਂਬਰ ਰਨਦੀਪ ਕੌਰ ਖਾਲਸਾ, ਬਲਜਿੰਦਰ ਕੌਰ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਜਲਾਲ,ਭੋਲਾ ਤਲਵੰਡੀ, ਭੁਪਿੰਦਰ ਸਿੰਘ ਮਾਈਸਰਖਾਨਾ,ਬਲਕਰਨ ਸਿੰਘ ਕੋਟਸ਼ਮੀਰ ,ਅਸ਼ਵਨੀ ਕੁਮਾਰ ਨੇ ਸਰਕਾਰ ਦੇ ਮੁਲਾਜ਼ਮ ਮਾਰੂ ਫੈਸਲੇ ਖਿਲਾਫ ਲੋਕਾਂ ਅੰਦਰ ਲਾਮਬੰਦੀ ਕਰਕੇ ਤਿੱਖਾ ਕਰਕੇ ਜ਼ਿਮਨੀ ਚੋਣਾਂ ਦੌਰਾਨ ਤਿੱਖਾ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਨਿੱਕਲਣ ਵਾਲੇ ਨਤੀਜਿਆ ਦੀ ਜਿੰਮੇਵਾਰੀ ਮੌਜੂਦਾ ਸਰਕਾਰ ਦੀ ਹੋਵੇਗੀ।