ਚੰਡੀਗੜ੍ਹ, 5 ਮਾਰਚ, ਦੇਸ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਜਟ 2024-25 ਵਿੱਚ ਸੂਬੇ ਦੇ ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਦੇ ਨਾਲ-ਨਾਲ ਸਿਹਤ ਤੇ ਸਿੱਖਿਆ ਲਈ ਲੋੜੀਂਦੇ ਫੰਡ ਰੱਖੇ ਗਏ ਹਨ ਜੋ ਸੂਬੇ ਦੇ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲੈ ਜਾਣ ਦੀ ਦਿਸ਼ਾ ਵੱਲ ਇਕ ਅਹਿਮ ਕਦਮ ਹੈ।
ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸ. ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਵੱਲੋਂ ਸਿਹਤ ਤੇ ਸਿੱਖਿਆ ਵਰਗੇ ਪ੍ਰਮੁੱਖ ਖੇਤਰਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਨ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਬਹੁਤ ਸਾਰੇ ਉਪਾਅ ਸ਼ੁਰੂ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਸੇਵਾਵਾਂ ਲਈ 5,264 ਕਰੋੜ ਰੁਪਏ ਰੱਖੇ ਗਏ ਹਨ।
ਸ. ਧਾਲੀਵਾਲ ਨੇ ਕਿਹਾ ਕਿ ਸਿੱਖਿਆ ਖੇਤਰ ਲਈ 16,987 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਕੁੱਲ ਖਰਚੇ ਦਾ ਲਗਭਗ 11.5 ਫ਼ੀਸਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 12,316 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਨਾਲ-ਨਾਲ 9,518 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਦੇ ਹੁਨਰ ਨੂੰ ਅਪਗ੍ਰੇਡ ਕਰਨ, ਸਕੂਲਾਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਸੁਧਾਰ ਕਰਨ ਅਤੇ 12,000 ਤੋਂ ਵੱਧ ਇੰਟਰਨੈਟ ਕਨੈਕਸ਼ਨ ਲਗਾਉਣ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਡੇ “ਅੰਨਦਾਤਾ” ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਬਜਟ ਵਿੱਚ ਖੇਤੀਬਾੜੀ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ‘ਆਪ’ ਸਰਕਾਰ ਵੱਲੋਂ 2023-24 ਵਿੱਚ ਪਠਾਨਕੋਟ, ਐਸ.ਬੀ.ਐਸ. ਨਗਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ 4 ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ ਅਤੇ ਅਗਾਮੀ ਵਰ੍ਹੇ ਵੀ ਅਜਿਹੇ ਪ੍ਰੋਗਰਾਮ ਜਾਰੀ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਈ-ਸਨਦ ਪੋਰਟਲ ਰਾਹੀਂ ਵਿਦੇਸ਼ੀ ਦੂਤਾਵਾਸਾਂ ਵੱਲੋਂ ਲੋੜੀਂਦੇ ਦਸਤਾਵੇਜ਼ਾਂ ਨੂੰ ਇਲੈਕਟ੍ਰਾਨਿਕ ਤੌਰ ‘ਤੇ ਕਾਊਂਟਰ-ਹਸਤਾਖਰ/ਪੜਤਾਲ ਕਰਨ ਦੇ ਯੋਗ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਪ੍ਰਵਾਸੀ ਭਾਰਤੀਆਂ ਲਈ ਇੱਕ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ, ਜੋ ਉਨ੍ਹਾਂ ਨੂੰ ਸ਼ਿਕਾਇਤਾਂ ਦਰਜ ਕਰਨ ਅਤੇ ਸੁਝਾਅ ਪੇਸ਼ ਕਰਨ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।