ਇਸਰੋ ਦੀ ਇਸ ਪ੍ਰਾਪਤੀ ਨੂੰ ਇਤਿਹਾਸਕ ਕਰਾਰ ਦਿੱਤਾ
ਚੰਡੀਗੜ੍ਹ, 23 ਅਗਸਤ:
ਚੰਦਰਯਾਨ-3 ਦੀ ਸਫ਼ਲਤਾ ਨੂੰ ਇਤਿਹਾਸਕ ਘਟਨਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਰਾਸ਼ਟਰ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ, ਜਿਨ੍ਹਾਂ ਦੇ ਹੌਸਲੇ ਤੇ ਲਗਨ ਨੇ ਦੁਨੀਆ ਨੂੰ ਭਾਰਤ ਦੀ ਤਾਕਤ ਦਿਖਾਈ ਹੈ।
ਟੈਲੀਵਿਜ਼ਨ ਰਾਹੀਂ ਇਸ ਮਾਣਮੱਤੇ ਪਲ ਦੇ ਹਕੀਕੀ ਰੂਪ ਲੈਣ ਦਾ ਗਵਾਹ ਬਣਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਭਾਰਤ ਨੇੜ ਭਵਿੱਖ ਵਿੱਚ ਵਿਸ਼ਵ ਸ਼ਕਤੀ ਬਣਨ ਜਾ ਰਿਹਾ ਹੈ ਅਤੇ ਸਾਡੇ ਵਿਗਿਆਨੀਆਂ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਭਾਰਤੀਆਂ ਲਈ ਖੁਸ਼ੀ ਦਾ ਪਲ ਹੈ, ਜਿਸ ਨੇ ਚੰਦਰਮਾ ‘ਤੇ ਜੀਵਨ ਦੀ ਖੋਜ ਕਰਨ ਲਈ ਨਵੇਂ ਦਿਸਹੱਦੇ ਖੋਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਾਨਦਾਰ ਉਪਲਬਧੀ ਨਾਲ ਭਾਰਤ ਚੰਦਰਮਾ ਦੇ ਦੱਖਣੀ ਧਰੁਵ ‘ਤੇ ਪੁਲਾੜ ਵਾਹਨ ਨੂੰ ਉਤਾਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ।