ਪਿਛਲੇ 50 ਸਾਲਾਂ ਵਿੱਚ ਪਾਏ ਗੰਦ ਨੂੰ ਸਾਫ ਕਰ ਰਹੀ ਹੈ ਆਮ ਆਦਮੀ ਪਾਰਟੀ
12 ਅਪ੍ਰੈਲ (ਰਾਜਦੀਪ ਜੋਸ਼ੀ) ਤਲਵੰਡੀ ਸਾਬੋ/ਬਠਿੰਡਾ: ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਆਪਣੇ ਹਿੱਤਾਂ ਲਈ ਪੰਜਾਬ ਦਾ ਵੱਡਾ ਨੁਕਸਾਨ ਕੀਤਾ ਹੈ। ਇਹ ਵਿਚਾਰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁਡੀਆਂ ਦੇ ਭਤੀਜੇ ਰਣਧੀਰ ਸਿੰਘ ਖੁੱਡੀਆਂ ਨੇ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ‘ਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੂਬੇ ਅੰਦਰ ਕਾਂਗਰਸ ਅਤੇ ਅਕਾਲੀ ਦਲ ਨੇ ਰਾਜ ਕੀਤਾ ਹੈ, ਪਰ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਦਾ ਬੇੜਾ ਗਰਕ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਹਨਾਂ ਕਿਹਾ ਕਿ ਪਿਛਲੇ 50 ਸਾਲ ਤੋਂ ਰਵਾਇਤੀ ਪਾਰਟੀਆਂ ਵੱਲੋਂ ਪਾਏ ਗੰਦ ਨੂੰ ਆਮ ਆਦਮੀ ਪਾਰਟੀ ਸਾਫ ਕਰਨ ਵਿੱਚ ਲੱਗੀ ਹੋਈ ਹੈ। ਸੂਬੇ ਵਿੱਚੋਂ ਭਰਿਸ਼ਟਾਚਾਰ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਦਮ ਉਠਾਏ ਜਾ ਰਹੇ ਹਨ। ਰਣਧੀਰ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫਤ ਦਿੱਤੀ ਗਈ ਹੈ ਜਿਸ ਕਾਰਨ 90 ਫੀਸਦੀ ਲੋਕਾਂ ਦੇ ਬਿਜਲੀ ਬਿੱਲ ਨਹੀਂ ਆ ਰਹੇ। ਉਹਨਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸਨੇ ਪ੍ਰਾਈਵੇਟ ਥਰਮਲ ਖਰੀਦਿਆ ਹੈ ਜਦੋਂ ਕਿ ਪਹਿਲੀਆਂ ਸਰਕਾਰਾਂ ਨੇ ਸਰਕਾਰੀ ਥਰਮਲ ਕੌਡੀਆਂ ਦੇ ਭਾਅ ਵੇਚ ਦਿੱਤੇ ਸਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਮੋਟਰਾਂ ਲਈ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦਿੱਤੀ। ਖੁੱਡੀਆਂ ਨੇ ਕਿਹਾ ਕਿ ਤਲਵੰਡੀ ਸਾਬੋ ਇਤਿਹਾਸਕ ਹਲਕਾ ਹੈ ਪਰ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਅਤੇ ਮੈਂਬਰ ਪਾਰਲੀਮੈਂਟਾਂ ਨੇ ਇਸ ਦੇ ਵਿਕਾਸ ਲਈ ਕੋਈ ਯਤਨ ਨਹੀਂ ਕੀਤੇ। ਉਹਨਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਪਹਿਲਾਂ ਦੀ ਤਰ੍ਹਾਂ ਉਹਨਾਂ ਦੇ ਵਿਚਕਾਰ ਹੀ ਰਹਿਣਗੇ ਅਤੇ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇੱਕ ਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਮੌਕਾ ਦੇਣ ਅਤੇ ਫਿਰ ਪਹਿਲਾਂ ਰਹੇ ਮੈਂਬਰ ਪਾਰਲੀਮੈਂਟਾਂ ਤੇ ਜਥੇਦਾਰ ਖੁੱਡੀਆਂ ਦੇ ਕੰਮ ਕਾਜ ਅਤੇ ਕਾਰਜਗਾਰੀ ਦੀ ਸਮੀਖਿਆ ਕਰ ਲੈਣ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੇ ਜਥੇਦਾਰ ਖੁੱਡੀਆਂ ਨੂੰ ਵੱਡੀ ਗਿਣਤੀ ਵੋਟਾਂ ਦੇਣ ਦਾ ਭਰੋਸਾ ਦਿੱਤਾ।