ਪਰਿਵਾਰ ਨੇ ਹਰਵਿੰਦਰ ਸਿੰਘ ਦੀ ਲਾਸ਼ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ
23 ਮਈ (ਰਿੰਪਲ ਗੋਲਣ) ਭਿੱਖੀਵਿੰਡ: ਘਰ ਦੀ ਆਰਥਿਕ ਹਾਲਤ ਸੁਧਾਰਨ ਖ਼ਾਤਰ ਭਿੱਖੀਵਿੰਡ ਤੋਂ ਪੁਰਤਗਾਲ ਗਏ 32 ਸਾਲਾ ਨੌਜਵਾਨ ਹਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਦੀ ਵਿਦੇਸ਼ੀ ਧਰਤੀ ‘ਤੇ ਭੇਦਭਰੇ ਹਾਲਾਤਾਂ ‘ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੋ ਬੱਚਿਆਂ ਦਾ ਬਾਪ ਸੀ ‘ਤੇ ਉਹ ਵੀਹ ਕੁ ਦਿਨ ਪਹਿਲਾਂ ਹੀ ਪੁਰਤਗਾਲ ਗਿਆ ਸੀ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਹਰਵਿੰਦਰ ਸਿੰਘ ਦੀ ਪਤਨੀ ਪਵਨਦੀਪ ਕੌਰ ‘ਤੇ ਮਾਂ ਸੁਖਬੀਰ ਕੌਰ ਨੇ ਦੱਸਿਆ ਕਿ ਹਰਵਿੰਦਰ ਸਿੰਘ 20 ਕੁ ਦਿਨ ਪਹਿਲਾਂ ਹੀ ਪੁਰਤਗਾਲ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਰਤਗਾਲ ਪਹੁੰਚਣ ਮਗਰੋਂ ਅਚਾਨਕ ਉਸ ਦੀ ਤਬੀਅਤ ਖ਼ਰਾਬ ਹੋ ਗਈ ‘ਤੇ 22 ਮਈ ਨੂੰ ਦੁਪਹਿਰ ਵੇਲੇ ਅਚਾਨਕ ਹਰਵਿੰਦਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੁੱਤਰ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਦੇਸ਼ ਗਿਆ ਸੀ। ਇਸ ਮੌਕੇ ਮ੍ਰਿਤਕ ਦੀ ਪਤਨੀ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਸ ਦੇ ਪਤੀ ਦੀ ਲਾਸ਼ ਜਲਦ ਤੋਂ ਜਲਦ ਪੰਜਾਬ ਲਿਆਂਦੀ ਜਾਵੇ। ਇਸਦੇ ਨਾਲ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਹੋਰ ਬੁਨਿਆਦੀ ਸਹੂਲਤਾਂ ਵੀ ਦਿੱਤੀਆਂ ਜਾਣ।