*ਬੁਢਲਾਡਾ ਵਿਖੇ ਮਨਾਇਆ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ
*ਸਰਦੂਲਗੜ੍ਹ ਵਿਖੇ ਐਸ.ਡੀ.ਐਮ. ਨੇ ਪਹਿਲੀ ਵਾਰ ਰਜਿਸਟਰਡ ਹੋਏ
ਨੌਜਵਾਨਾਂ ਨੂੰ ਵੰਡੇ ਵੋਟਰ ਕਾਰਡ
26 ਜਨਵਰੀ (ਕਰਨ ਭੀਖੀ) ਮਾਨਸਾ: ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ 25 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ ਵਿਖੇ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ਼੍ਰੀ ਗਗਨਦੀਪ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਜੋ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ, ਉਹ ਆਪਣੀ ਵੋਟ ਜ਼ਰੂਰ ਬਣਾਉਣ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
ਇਸ ਮੌਕੇ ਜੋ 18 ਤੋਂ 19 ਸਾਲ ਦੇ ਨੌਜਵਾਨ ਪਹਿਲੀ ਵਾਰ ਵੋਟਰ ਵਜੋਂ ਰਜਿਸਟਰਡ ਹੋਏ, ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸ਼ਨਾਖਤੀ ਕਾਰਡ ਵੰਡੇ ਗਏ ਅਤੇ ਚੋਣ ਪ੍ਰਕਿਰਿਆ ਵਿੱਚ ਇਮਾਨਦਾਰੀ ਅਤੇ ਬਿਨਾਂ ਕਿਸੇ ਡਰ ਭੈਅ ਦੇ ਭਾਗ ਲੈਣ ਲਈ ਵੋਟਰ ਪ੍ਰਣ ਦਿਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਵੋਟਾਂ ਨਾਲ ਸਬੰਧਤ ਕੁਇਜ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਚੋਣਾਂ ਦੌਰਾਨ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸੇ ਤਰ੍ਹਾਂ ਸਬ-ਡਵੀਜ਼ਨ ਸਰਦੂਲਗੜ੍ਹ ਵਿਖੇ ਐਸ.ਡੀ.ਐਮ. ਸ਼੍ਰੀ ਨਿਤੇਸ਼ ਕੁਮਾਰ ਜੈਨ ਦੀ ਅਗਵਾਈ ਵਿੱਚ 14ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ 18 ਤੋਂ 19 ਸਾਲਾਂ ਦੇ ਨੌਜਵਾਨ ਵੋਟਰਾਂ ਨੂੰ ਵੋਟਰ ਕਾਰਡ ਵੰਡੇ ਗਏ ਅਤੇ ਚੋਣ ਪ੍ਰਕਿਰਿਆ ਵਿੱਚ ਬਿਨ੍ਹਾਂ ਕਿਸੇ ਡਰ-ਭੈਅ ਦੇ ਭਾਗ ਲੈਣ ਲਈ ਵੋਟਰ ਪ੍ਰਣ ਲਿਆ ਗਿਆ। ਇਸ ਮੌਕੇ ਸੁਪਰਡੈਂਟ ਸ਼੍ਰੀ ਮੱਖਣ ਸਿੰਘ ਮਿੱਤਲ ਅਤੇ ਚੋਣ ਅਮਲੇ ਨਾਲ ਸਬੰਧਤ ਸਵੀਪ ਟੀਮ ਮੌਜੂਦ ਸੀ।