*‘ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਫੱਤਾ ਮਾਲੋਕਾ ਵਿਖੇ
ਜਨ ਸੁਣਵਾਈ ਕੈਂਪ ਦਾ ਆਯੋਜਨ
*ਲੋਕਾਂ ਨੂੰ ਜਨ ਸੁਣਵਾਈ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
16 ਜਨਵਰੀ (ਕਰਨ ਭੀਖੀ) ਮਾਨਸਾ: ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤ ਘਰ ਫੱਤਾ ਮਾਲੋਕਾ ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਦਾ ਜਾਇਜ਼ਾ ਲੈਣ ਮੌਕੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕ ਸੁਵਿਧਾ ਲਈ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਤਹਿਤ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕਰਨ ਦੇ ਨਿਰਦੇਸ਼ ਪ੍ਰਾਪਤ ਹੋਏ ਹਨ, ਜਿਸ ਸਦਕਾ ਵੱਖ ਵੱਖ ਪਿੰਡਾਂ ਵਿਚ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕਰਕੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਪਹਿਲੇ ਦੇ ਆਧਾਰ ’ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦਾ ਉਪਰਾਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਨ ਸੁਣਵਾਈ ਕੈਂਪ ਵਿਚ ਸਮਾਜਿਕ ਸੁਰੱਖਿਆ, ਮਾਲ ਵਿਭਾਗ, ਸਿਹਤ ਵਿਭਾਗ, ਖੇਤੀਬਾੜੀ, ਬਾਗਬਾਨੀ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਉਦਯੋਗ ਵਿਭਾਗ, ਜ਼ਿਲ੍ਹਾ ਭਲਾਈ ਦਫ਼ਤਰ, ਕਿਰਤ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਵਨ ਸਟਾਪ ਸੈਂਟਰ, ਈ ਗਵਰਨੈਂਸ ਸੇਵਾ ਕੇਂਦਰ ਮਾਨਸਾ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਖ਼ੁਦ ਮੌਜੂਦ ਰਹਿ ਕੇ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਹੀ ਉਨ੍ਹਾਂ ਦੇ ਵੱਖ ਵੱਖ ਕੰਮਾਂ ਸਬੰਧੀ ਦਰਖ਼ਾਸਤਾਂ ਪ੍ਰਾਪਤ ਕੀਤੀਆਂ।
ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਪ੍ਰਾਪਤ ਯੋਗ ਦਰਖ਼ਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ ਹੋਰ ਪ੍ਰਾਪਤ ਦਰਖ਼ਾਸਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਜਾਂ ਘਰਾਂ ਦੇ ਨਜ਼ਦੀਕ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾ ਦਾ ਲਾਹਾ ਲੈ ਕੇ ਆਪਣੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਦੂਰ ਦੁਰਾਡੇ ਦਫ਼ਤਰਾਂ ਤੱਕ ਜਾਣ ਦੀ ਜ਼ਰੂਰਤ ਨਾ ਪਵੇ।