ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੀ ਕਮਾਨ ਅਮੀਤ ਖੁੱਡੀਆਂ ਨੇ ਸੰਭਾਲੀ
07 ਅਪ੍ਰੈਲ (ਰਾਜਦੀਪ ਜੋਸ਼ੀ) ਸੰਗਤ ਮੰਡੀ: ਪੰਜਾਬ, ਪੰਜਾਬੀਅਤ ਅਤੇ ਲੋਕ ਪੱਖੀ ਸਿਆਸਤ ਕਰਨ ਵਾਲੇ ਉਮੀਦਵਾਰਾਂ ਦੀ ਹਮਾਇਤ ਕਰਨਾ ਸਮੇਂ ਦੀ ਲੋੜ ਹੈ। ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਲਈ ਵੋਟਾਂ ਦੀ ਮੰਗ ਕਰਦਿਆਂ ਉਹਨਾਂ ਦੇ ਪੁੱਤਰ ਅਮੀਤ ਖੁੱਡੀਆਂ ਨੇ ਇਹ ਵਿਚਾਰ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਲੋਕਾਂ ਦੀ ਸਿਆਸਤ ਕਰਨ ਵਾਲੇ ਲੀਡਰਾਂ ਦੀ ਗਿਣਤੀ ਲਗਾਤਾਰ ਘੱਟਦੀ ਜਾ ਰਹੀ, ਇਸ ਲਈ ਹਮੇਸ਼ਾ ਇਮਾਨਦਾਰੀ ਨਾਲ ਹੀ ਲੋਕ ਪੱਖੀ ਸਿਆਸਤ ਕਰਨ ਜਥੇਦਾਰ ਖੁੱਡੀਆਂ ਦਾ ਬਠਿੰਡਾ ਲੋਕ ਸਭਾ ਤੋਂ ਜਿੱਤਣਾ ਅਤੀ ਜਰੂਰੀ ਹੈ। ਉਹਨਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕਾ ਉਹਨਾਂ ਦੇ ਪਿੰਡ ਦੇ ਬਿਲਕੁਲ ਨਜ਼ਦੀਕ ਲੱਗਦਾ ਹੈ। ਇਸ ਲਈ ਜਥੇਦਾਰ ਗੁਰਮੀਤ ਸਿੰਘ ਖੁਡੀਆਂ ਬਠਿੰਡਾ ਦਿਹਾਤੀ ਹਲਕੇ ਨੂੰ ਆਪਣਾ ਹਲਕਾ ਹੀ ਸਮਝਦੇ ਹਨ। ਉਹਨਾਂ ਹਲਕੇ ਦੇ ਪਿੰਡ ਜੱਸੀ ਪੋਅ ਵਾਲੀ ਵਿਖੇ ਅੰਦਰ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਕਿਹਾ ਕਿ ਖੁੱਡੀਆਂ ਪਰਿਵਾਰ ਦੇ ਦਰਵਾਜੇ ਉਹਨਾਂ ਲਈ ਹਮੇਸ਼ਾ ਖੁੱਲੇ ਹਨ। ਉਹਨਾਂ ਕਿਹਾ ਕਿ ਬਠਿੰਡਾ ਲੋਕ ਸਭਾ ਹਲਕੇ ਅੰਦਰ ਲੋਕਾਂ ਦੇ ਬਹੁਤ ਸਾਰੇ ਮੁੱਦੇ ਮਸਲੇ ਉਸੇ ਤਰ੍ਹਾਂ ਖੜੇ ਹਨ। ਲਗਾਤਾਰ ਤਿੰਨ ਵਾਰ ਮੈਂਬਰ ਪਾਰਲੀਮੈਂਟ ਬਣਨ ਵਾਲਿਆਂ ਨੇ ਵੀ ਲੋਕਾਂ ਦੇ ਇਹਨਾਂ ਮੁੱਦਿਆਂ ਤੇ ਆਪਣਾ ਮੂੰਹ ਤੱਕ ਨਹੀਂ ਖੋਲਿਆ। ਉਹਨਾਂ ਵਿਸ਼ਵਾਸ ਦਵਾਇਆ ਕਿ ਲੋਕ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਪਾਰਲੀਮੈਂਟ ਵਿੱਚ ਭੇਜਣ ਜਿਸ ਤੋਂ ਬਾਅਦ ਲੋਕਾਂ ਦੇ ਮਸਲਿਆਂ ਦਾ ਹੱਲ ਕਰਨਾ ਉਹਨਾਂ ਦੀ ਜਿੰਮੇਵਾਰੀ ਹੋਵੇਗੀ। ਅਮੀਤ ਖੁੱਡੀਆਂ ਨੇ ਕਿਹਾ ਕਿ ਸੂਬੇ ਅੰਦਰ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵੱਡੀਆਂ ਉਮੀਦਾਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਉਠਾਏ ਹਨ। ਆਪ ਸਰਕਾਰ ਵੱਲੋਂ ਕੀਤੀ ਗਈ ਬਿਜਲੀ ਮੁਆਫੀ ਨਾਲ ਲੋਕਾਂ ਦਾ ਵੱਡਾ ਫਾਇਦਾ ਹੋ ਰਿਹਾ, ਉੱਥੇ ਹੀ ਆਮ ਆਦਮੀ ਪਾਰਟੀ ਕਲੀਨਿਕ ਵਿੱਚ ਲੋਕ ਆਪਣਾ ਸਸਤਾ ਇਲਾਜ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਲਈ ਨਰਮੇ ਦੇ ਬੀਜ ਤੇ ਸਰਕਾਰ ਵੱਲੋਂ ਸਬਸਿਡੀ ਦਿੱਤੀ ਗਈ ਅਤੇ ਮੂੰਗੀ ਐਮਐਸਪੀ ਤੇ ਖਰੀਦੀ ਗਈ। ਉਹਨਾਂ ਲੋਕਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਗੜਿਆਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਲਗਭਗ ਪੂਰੀ ਹੋ ਚੁੱਕੀ ਹੈ। ਇਸ ਮੌਕੇ ਲੋਕਾਂ ਨੇ ਅਮੀਤ ਖੁੱਡੀਆਂ ਨੂੰ ਆਪਣੀਆਂ ਸਮੱਸਿਆਵਾਂ ਵੀ ਦੱਸੀਆਂ।