*ਵਿਸ਼ੇਸ਼ ਟੀਚੇ ਤਹਿਤ ਜ਼ਿਲ੍ਹੇ ਅੰਦਰ ਲਗਾਏ ਜਾਣਗੇ 10 ਲੱਖ ਪੌਦੇ-ਡਿਪਟੀ ਕਮਿਸ਼ਨਰ
*ਮਾਨਸਾ ਖੁਰਦ ਵਿਖੇ 12 ਏਕੜ ਰਕਬੇ ’ਚ ਲਗਾਇਆ ਜਾਵੇਗਾ ਵਿਰਾਸਤੀ ਜੰਗਲ
*ਵਿਧਾਇਕ ਅਤੇ ਡੀ.ਸੀ. ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਸੰਭਾਲਣ ਦੀ ਕੀਤੀ ਅਪੀਲ
19 ਜੁਲਾਈ (ਕਰਨ ਭੀਖੀ) ਮਾਨਸਾ: ਵਾਤਾਵਰਨ ਨੂੰ ਬਚਾਉਣ ਲਈ ਵੱਡੀ ਗਿਣਤੀ ਵਿਚ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵਿੱਢਣਾ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ ਹੈ, ਜਿਸ ਤਹਿਤ ਜ਼ਿਲ੍ਹੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਵੱਖ ਵੱਖ ਥਾਵਾਂ ’ਤੇ ਪੌਦੇ ਲਗਾਏ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ‘ਪੰਜਾਬ ਹਰਿਆਲੀ ਸਕੀਮ’ ਤਹਿਤ ਮਾਨਸਾ ਖੁਰਦ ਵਿਖੇ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ।
ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਵਾਤਾਵਰਣ ਨੂੰ ਸੰਤੁਲਿਤ ਰੱਖਣ ਦੇ ਮੰਤਵ ਨਾਲ ਅੱਜ ਜ਼ਿਲ੍ਹੇ ਅੰਦਰ ਇੱਕ ਰੋਜ਼ਾ ਮੁਹਿੰਮ ਦੌਰਾਨ ਵੱਡੀ ਗਿਣਤੀ ਵਿੱਚ ਪੌਦੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਮਨੁੱਖਤਾ ਦੇ ਕਲਿਆਣ ਲਈ ਹੁੰਦਾ ਹੈ, ਉਹੀ ਸਾਡਾ ਧਰਮ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਨੈਤਿਕ ਫਰਜ਼ ਹੈ ਕਿ ਅਸੀਂ ਵਾਤਾਵਰਣ ਨੂੰ ਬਚਾਉਣ ਲਈ ਸਾਂਝਾ ਹੰਭਲਾ ਮਾਰੀਏ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਇਸ ਮੁਹਿੰਮ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ।
ਉਨ੍ਹਾਂ ਦੱਸਿਆ ਕਿ ਅੱਜ ਲੋੜ ਹੈ ਕਿ ਅਸੀਂ ਪੌਦੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰੀਏ ਤਾਂ ਜੋ ਦਿਨੋਂ-ਦਿਨ ਵੱਧ ਰਹੀ ਗਰਮੀ ਅਤੇ ਵੱਧ ਰਹੀਆਂ ਬਿਮਾਰੀਆਂ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਵੀ ਮੋਟਰਾਂ ਲੱਗਣਗੀਆਂ, ਉਥੇ ਪੰਚਾਇਤੀ ਜ਼ਮੀਨ ਅਧੀਨ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਉਨ੍ਹਾਂ ਅਪੀਲ ਕਰਦਿਆਂ ਕਿ ਸਾਨੂੰ ਅਗਲੀਆਂ ਪੀੜ੍ਹੀਆਂ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਦੇਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਲਈ ਵਾਤਾਵਰਨ ਪ੍ਰੇਮੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਅੱਜ ਮਾਨਸਾ ਖੁਰਦ ਵਿਖੇ 12 ਏਕੜ ਦੇ ਰਕਬੇ ਅੰਦਰ ਜੰਗਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਜੰਗਲ ਵਿੱਚ ਹਰ ਤਰ੍ਹਾਂ ਦੇ ਬੂਟੇ ਲਗਾਏ ਜਾਣਗੇ ਅਤੇ ਇਸ ਨੂੰ ਵਿਰਾਸਤੀ ਜਗ੍ਹਾ ਦੇ ਤੌਰ ’ਤੇ ਵਿਕਸਿਤ ਕੀਤਾ ਜਾਵੇਗਾ। ਸਰਕਾਰ ਵੱਲੋਂ ਇਸ ਸੀਜ਼ਨ ਦੌਰਾਨ ਮਾਨਸਾ ਜ਼ਿਲ੍ਹੇ ਅੰਦਰ 10 ਲੱਖ ਪੌਦੇ ਲਗਾਉਣ ਦਾ ਟੀਚਾ ਦਿੱਤਾ ਗਿਆ ਹੈ। ਜਿਸ ਤਹਿਤ ਅੱਜ ਸਾਰੀਆਂ ਪੰਚਾਇਤਾਂ ਅਤੇ ਹੋਰ ਥਾਵਾਂ ’ਤੇ ਤਿੰਨ ਲੱਖ ਦੇ ਕਰੀਬ ਪੌਦੇ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ ਜੰਗਲਾਤ ਤਹਿਤ 5 ਫੀਸਦੀ ਜ਼ਮੀਨ ਹੈ ਜਿਸਨੂੰ 2030 ਤੱਕ ਵਧਾ ਕੇ 7 ਫੀਸਦੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਦੁਨੀਆ ਭਰ ਵਿੱਚ 30 ਫੀਸਦੀ ਰਕਬਾ ਜੰਗਲਾਤ ਦਾ ਹੋਣਾ ਚਾਹੀਦਾ ਹੈ, ਤਾਂ ਜੋ ਵਾਤਾਵਰਣ ਨੂੰ ਵਧੀਆ ਅਤੇ ਸਾਫ਼—ਸੁਥਰਾ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਭਾਰਤ ਅੰਦਰ ਇਹ ਰਕਬਾ 25 ਫੀਸਦੀ ਹੈ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪੰਚਾਇਤੀ ਜ਼ਮੀਨ ਦੇ 10 ਜਾਂ 15 ਫੀਸਦੀ ਹਿੱਸੇ ਅੰਦਰ ਵੱਡੀ ਗਿਣਤੀ ਵਿੱਚ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਿਆਵਲ ਭਰਪੂਰ ਰੱਖਣ ਵਿੱਚ ਆਪਣਾ ਸਹਿਯੋਗ ਦੇਣ।
ਇਸ ਮੌਕੇ ਕਾਰਜਕਾਰੀ ਡੀ.ਡੀ.ਪੀ.ਓ. ਕੁਸਮ ਅਗਰਵਾਲ, ਬੀ.ਡੀ.ਪੀ.ਓ. ਮੇਜਰ ਸਿੰਘ, ਵਣ ਰੇਂਜ ਅਫ਼ਸਰ ਸੁਖਦੇਵ ਸਿੰਘ, ਫਾਰੈਸਟਰ ਗਾਰਡ ਕ੍ਰਿਸ਼ਨ ਸਿੰਘ, ਸੰਦੀਪ ਸਿੰਘ, ਗੁਰਵਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।