ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 22 ਅਗਸਤ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਭਰ ‘ਚ ਚੱਲ ਰਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ।
ਅੱਜ ਇੱਥੇ ਸੈਕਟਰ 35 ਚੰਡੀਗੜ੍ਹ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਜ਼ਿਲ੍ਹਾ ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਅੰਮ੍ਰਿਤਸਰ, ਬਠਿੰਡਾ, ਗੁਰਦਾਸਪੁਰ, ਪਠਾਨਕੋਟ,ਫਿਰੋਜ਼ਪੁਰ, ਲੁਧਿਆਣਾ, ਮਾਨਸਾ, ਮੋਗਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ ਜ਼ਿਲ੍ਹਿਆਂ ਵਿਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਬਲਕਾਰ ਸਿੰਘ ਨੇ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਪੈਂਦੀਆਂ ਨਗਰ ਕੌਂਸਲਾਂ/ ਨਗਰ ਪੰਚਾਇਤਾ ਹੰਡਿਆਇਆ, ਬਰੀਵਾਲਾ, ਖੇਮਕਰਨ, ਤਰਨਤਾਰਨ, ਬਾਬਾ ਬਕਾਲਾ ਸਾਹਿਬ, ਰਾਜਾ ਸਾਂਸੀ, ਰਾਮਪੁਰਾ ਫੂਲ, ਤਲਵੰਡੀ ਸਾਬੋ, ਡੇਰਾ ਬਾਬਾ ਨਾਨਕ, ਨਰੋਟ ਜੈਮਲ ਸਿੰਘ, ਮੱਖੂ, ਮੱਲਾਂਵਾਲਾ ਖਾਸ, ਮਾਛੀਵਾੜਾ, ਮਲੌਧ, ਸਾਹਨੇਵਾਲ, ਮੁਲਾਪੁਰ ਦਾਖਾ, ਭੀਖੀ ਅਤੇ ਸਰਦੂਲਗੜ੍ਹ, ਬਾਗਾ ਪੁਰਾਣਾ, ਘੜੂੰਆਂ, ਧਰਮਕੋਟ ਅਤੇ ਅਮਲੋਹ ਵਿਖੇ ਅਮਰੁਤ, ਸਵੱਛ ਭਾਰਤ ਮਿਸ਼ਨ, ਸਵੱਛ ਭਾਰਤ ਮਿਸ਼ਨ-2, ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-3 ਅਤੇ ਨਵੀਆਂ ਗਰਾਂਟਾ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜੰਗੀ ਪੱਧਰ ‘ਤੇ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ।
ਉਨ੍ਹਾਂ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਢੁੱਕਵੀ ਜਗ੍ਹਾਂ ਦੀ ਚੋਣ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜਿਥੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਦਾ ਕੰਮ ਪ੍ਰਗਤੀ ਅਧੀਨ ਹੈ ਉਨ੍ਹਾਂ ਕੰਮਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਸਾਫ਼ ਸਫਾਈ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਪਹਿਲ ਦੇ ਅਧਾਰ ‘ਤੇ ਖਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਹਿੱਤ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।
ਸ. ਬਲਕਾਰ ਸਿੰਘ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਕਿ ਉਹ ਕੋਈ ਵੀ ਨਵਾਂ ਪ੍ਰਾਜੈਕਟ ਉਲੀਕਣ ਸਬੰਧੀ ਪੂਰੀ ਜਾਣਕਾਰੀ ਸਬੰਧਤ ਹਲਕਾ ਵਿਧਾਇਕ ਨਾਲ ਸਾਂਝੀ ਕਰਨ ਤਾਂ ਜੋ ਹਲਕਾ ਵਿਧਾਇਕ ਵੱਲੋਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਜਾ ਸਕਣ।
ਸ. ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਵਿਅਕਤੀ ਭਿ੍ਸ਼ਟਾਚਾਰ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਚੇਅਰਮੈਨ ਸ੍ਰੀ ਸਨੀ ਆਹਲੂਵਾਲੀਆ, ਸਬੰਧਤ ਹਲਕੇ ਦੇ ਐਮ ਐਲ ਏਜ ਸਾਹਿਬਾਨ, ਐਮ ਐਲ ਏਜ ਦੇ ਪ੍ਰਤੀਨਿਧੀ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਪੀ ਐਮ ਆਈ ਡੀ ਸੀ ਸੀ ਈ ਓ, ਸ੍ਰੀ ਸੰਯਮ ਅਗਰਵਾਲ, ਸਬੰਧਤ ਵਧੀਕ ਡਿਪਟੀ ਕਮਿਸ਼ਨਰ, ਮੁੱਖ ਦਫ਼ਤਰ ਦੇ ਸਾਰੇ ਮੁੱਖ ਇੰਜੀਨੀਅਰ, ਸਬੰਧਤ ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।