ਬਠਿੰਡਾ (ਰਾਜਦੀਪ ਜੋਸ਼ੀ) ਸੰਗਤ ਮੰਡੀ: ਸਿਵਲ ਸਰਜਨ ਬਠਿੰਡਾ ਡਾ ਤੇਜਵੰਤ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਪਮਿਲ ਬਾਂਸਲ ਦੀ ਅਗਵਾਈ ਹੇਠ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਟੀਕਾਕਰਨ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਬਲਾਕ ਸੰਗਤ ਦੇ ਵੱਖ ਵੱਖ ਪਿੰਡਾਂ ਵਿਚ ਸਿਹਤ ਕਾਮਿਆਂ ਵਲੋ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਐਸ ਐਮ ਓ ਡਾ ਬਾਂਸਲ ਨੇ ਦੱਸਿਆ ਕਿ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ ਹੈ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਗਿਆ ਹੈ। ਇਸ ਮੌਕੇ ਸਾਹਿਲ ਪੁਰੀ ਬਲਾਕ ਹੈਲਥ ਐਜੂਕੇਟਰ ਨੇ ਕਿਹਾ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।