14 ਮਈ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਲੋਕਾਂ ਨੂੰ ਲੋਕ ਸਭਾ ਚੋਣਾਂ 2024 ਲਈ ਵੱਖ-ਵੱਖ ਸਵੀਪ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਜਿੱਥੇ ਸਕੂਲਾਂ, ਪਿੰਡਾਂ ਦੀਆਂ ਸੱਥਾਂ ਅਤੇ ਸ਼ਹਿਰਾਂ ਦੀਆਂ ਭੀੜ ਵਾਲੀਆਂ ਥਾਂਵਾਂ ‘ਤੇ ਨੁੱਕੜ ਨਾਟਕਾਂ, ਅਨਾਊਂਸਮੈਂਟਾਂ ਨਾਲ ਲੋਕਾਂ ਨੂੰ ਵੋਟਾਂ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਕੇ ਦੇਸ਼ ਲਈ ਚੰਗੇ ਲੀਡਰਾਂ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਨਾਲ ਹੀ ਉਨ੍ਹਾਂ ਨੂੰ ਚੋਣਾਂ ਦੇ ਪਰਵ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ ਜਾ ਰਿਹਾ ਹੈ।
ਇਸੇ ਲੜੀ ਤਹਿਤ ਅੱਜ ਜੇਠ ਮਹੀਨੇ ਦੀ ਸੰਗਰਾਂਦ ਨੂੰ ਜ਼ਿਲ੍ਹਾ ਸਵੀਪ ਟੀਮ ਵੱਲੋਂ ਅੜੀਸਰ ਗੁਰਦੁਆਰਾ ਸਾਹਿਬ ਹੰਢਿਆਇਆ, ਬਰਨਾਲਾ ਵਿਖੇ ਪਹੁੰਚੇ ਸ਼ਰਧਾਲੂਆਂ ਨੂੰ ਵੋਟ ਪਾਉਣ ਲਈ ਪ੍ਰੇਰਿਆ ਗਿਆ ਅਤੇ ਵੋਟਾਂ ਦਾ ਸੁਨੇਹਾ ਗੁਰੂ ਘਰ ਲੈ ਕੇ ਜਾਂਦਿਆਂ ਸਵੀਪ ਟੀਮ ਨੇ ਹਰ ਇਕ ਸ਼ਰਧਾਲੂ ਨੂੰ ਆਪਣੀ ਵੋਟ ਦੀ ਵਰਤੋਂ ਕਰਨਾ ਲਈ ਪ੍ਰੇਰਿਤ ਕੀਤਾ ਅਤੇ ਇਸ ਸਬੰਧੀ ਪੋਸਟਰ ਚਸਪਾ ਕੀਤੇ।
ਮਤਦਾਤਾਵਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਭਾਗੀਦਾਰੀ ਵਧਾਉਣ, ਬਿਨਾਂ ਕਿਸੇ ਲਾਲਚ ਜਾਂ ਡਰ ਦੇ ਵੋਟ ਪਾਉਣ ਲਈ ਜਾਗਰੂਕ ਕੀਤਾ ਗਿਆ ਅਤੇ ਵੋਟ ਪਾਉਣ ਸਬੰਧੀ ਆਉਣ ਵਾਲੀਆਂ ਸਮੱਸਿਆਵਾਂ, ਈ.ਵੀ.ਐੱਮ. ਰਾਹੀਂ ਵੋਟ ਪਾਉਣਾ ਆਦਿ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਵਾ ਕੇ ਵੀ ਲੋਕਾਂ ਨੂੰ ਚੋਣਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਪਿੰਡਾਂ ਅਤੇ ਵਿੱਦਿਅਕ ਅਦਾਰਿਆਂ ‘ਚ ਚੋਣਾਂ ਸਬੰਧੀ ਨੁੱਕੜ ਨਾਟਕ ਰਾਹੀਂ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਈ.ਵੀ.ਐੱਮ ਮਸ਼ੀਨ ਦੀ ਵਰਤੋਂ ਅਤੇ ਵੋਟ ਪਾਉਣ ਦੇ ਸਹੀ ਤਰੀਕੇ ਬਾਰੇ ਵੀ ਦੱਸਿਆ ਜਾ ਰਿਹਾ ਹੈ।