-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਡੀ.ਐਮ. ਗੋਪਾਲ ਸਿੰਘ ਨਾਲ ਕੀਤੀਆਂ ਸਿੱਧੀਆਂ ਗੱਲਾਂ
-ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਾਂ ਬਾਰੇ ਕਰਵਾਇਆ ਜਾਣੂ
-ਡਿਪਟੀ ਕਮਿਸ਼ਨਰ ਦੀ ਗੱਲਬਾਤ ਨੇ ਵਿਦਿਆਰਥੀਆਂ ਵਿੱਚ ਭਰਿਆ ਪੰਜਾਬ ਵਿੱਚ ਰਹਿ ਕੇ, ਪੰਜਾਬ ਲਈ ਵਿਲੱਖਣ ਕਰਨ ਦਾ ਜ਼ਜਬਾ
29 ਦਸੰਬਰ (ਗਗਨਦੀਪ ਸਿੰਘ) ਬਰਨਾਲਾ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ, ਵੱਲੋਂ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਵਿੱਚ ਵਾਧਾ ਕਰਨ ਅਤੇ ਪ੍ਰਸ਼ਾਸ਼ਨਿਕ ਪ੍ਰਣਾਲੀ ਬਾਰੇ ਚੇਤਨਤਾ ਪੈਦਾ ਕਰਨ ਦੇ ਮਨੋਰਥ ਵਜੋਂ ਐਕਸਪੋਜ਼ਰ ਵਿਜ਼ਟ ਕਰਵਾਏ ਜਾ ਰਹੇ ਹਨ। ਇਸਦੀ ਲਗਾਤਾਰਤਾ ਵਿੱਚ ਅੱਜ ਸਕੂਲ ਆਫ਼ ਐਂਮੀਨੈਂਸ ਭਦੌੜ, ਮਹਿਲ ਕਲਾਂ ਅਤੇ ਬਰਨਾਲਾ ਦੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਤੇ ਇਸਦੀਆਂ ਵੱਖ ਵੱਖ ਮਹੱਤਵਪੂਰਨ ਸ਼ਾਖਾਵਾਂ ਦੀ ਵਿਜ਼ਟ ਕਰਵਾਈ ਗਈ।
ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਦਫ਼ਤਰ ਦੀਆਂ ਵੱਖ ਵੱਖ ਸ਼ਾਖਾਵਾਂ ਦਾ ਦੌਰਾ ਕਰਵਾਇਆ। ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ ਬਾਰੇ ਜਾਣੂ ਕਰਵਾਇਆ। ਨਾਲ ਹੀ ਵਿਦਿਆਰਥੀਆਂ ਨੂੰ ਮਾਲੀਆ ਵਿਭਾਗ ਦੇ ਕੰਮਾਂ ਦੇ ਵੇਰਵਿਆਂ ਬਾਰੇ ਦੱਸਿਆ ਗਿਆ। ਉਨ੍ਹਾਂ ਪ੍ਰਸ਼ਾਸ਼ਨ ਵੱਲੋਂ ਕਿਵੇਂ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਦੀ ਨੌਜਵਾਨ ਪੀੜ੍ਹੀ ਪੰਜਾਬ ਵਿੱਚ ਆਪਣਾ ਭਵਿੱਖ ਬਣਾਉਣ ਦੀ ਥਾਂ ‘ਤੇ ਵਿਦੇਸ਼ਾਂ ਵਿੱਚ ਜਾਣ ਨੂੰ ਤਰਜੀਹ ਦੇ ਰਹੀ ਹੈ, ਜਿਹੜੀ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਬਹੁਤ ਚੰਗੇ ਮੌਕੇ ਦਿੱਤੇ ਜਾ ਰਹੇ ਹਨ ਜਿਸ ਕਾਰਨ ਹੁਣ ਆਪਣੇ ਦੇਸ਼ ਵਿੱਚ ਹੀ ਰਹਿ ਕੇ ਵਧੀਆ ਭਵਿੱਖ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਬਰਨਾਲਾ ਸ਼੍ਰੀ ਗੋਪਾਲ ਸਿੰਘ ਨੇ ਗਈ ਬੱਚਿਆਂ ਨੂੰ ਪ੍ਰੇਰਿਆ ਕਿ ਉਹ ਸਿਵਿਲ ਪ੍ਰੀਖਿਆਵਾਂ ਦੇ ਕੇ ਪ੍ਰਸ਼ਾਸਕੀ ਨੌਕਰੀਆਂ ‘ਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਸ਼ਮਸ਼ੇਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਡਾ ਬਰਜਿੰਦਰ ਸਿੰਘ ਅਤੇ ਹੋਰ ਅਫ਼ਸਰ ਮੌਜੂਦ ਸਨ।