ਲੋਕ ਸਭਾ ਚੋਣਾਂ-2024
• ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ, ਬੈਂਕ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ, ਤੇ ਸ਼ਰਾਬ ਠੇਕੇਦਾਰਾਂ ਨਾਲ ਮੀਟਿੰਗ
• ਚੋਣਾਂ ਦੇ ਮੱਦੇਨਜਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ
19 ਮਾਰਚ (ਗਗਨਦੀਪ ਸਿੰਘ) ਬਠਿੰਡਾ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਵਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ, ਬੈਕ ਅਧਿਕਾਰੀਆਂ, ਸ਼ਰਾਬ ਕਾਰੋਬਾਰੀਆਂ, ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਆਦਿ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ, ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਸਮੇਤ ਮੋਬਾਇਲ ਨੰਬਰ ਛਾਪਣਾ ਲਾਜ਼ਮੀ ਹੋਵੇਗਾ।
ਇਸ ਮੌਕੇ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ ਨੂੰ ਦੇਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ, ਪਤਾ ਗਿਣਤੀ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੋ ਵੀ ਸਮੱਗਰੀ ਛਾਪਣੀ ਹੈ ਉਸ ਦੀ ਪ੍ਰਵਾਨਗੀ ਮੀਡੀਆ ਸਰਟੀਫ਼ਿਕੇਸ਼ਨ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਤੋਂ ਲੈਣੀ ਲਾਜ਼ਮੀ ਹੋਵੇਗੀ।
ਇਸ ਦੌਰਾਨ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਮਟੀਰੀਅਲ ਨਹੀਂ ਛਾਪਿਆ ਜਾਵੇਗਾ। ਉਨ੍ਹਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਆਰੰਭੀ ਜਾਵੇਗੀ।
ਇਸੇ ਤਰ੍ਹਾਂ ਸ਼ਰਾਬ ਕਾਰੋਬਾਰੀਆਂ ਨਾਲ ਵੀ ਬੈਠਕ ਕੀਤੀ ਗਈ ਅਤੇ ਉਨਾਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਐਕਸਸਾਈਜ਼ ਵਿਭਾਗ ਵਲੋਂ ਸ਼ਰਾਬ ਦੀ ਵਿਕਰੀ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਆਪੋਂ ਆਪਣੇ ਅਧਿਕਾਰ ਖੇਤਰ ਚ ਆਉਂਦੇ ਠੇਕਿਆ ਉਪਰ ਆਪਣੇ ਰਿਕਾਰਡ ਨੂੰ ਪੂਰਾ ਦਰੁਸਤ ਰੱਖਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਵਿਕਰੀ ਪਾਈ ਜਾਂਦੀ ਹੈ ਤਾਂ ਉਸ ਖਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਵੀ ਚੋਣਾਂ ਦੇ ਮੱਦੇਨਜ਼ਰ ਰੋਜ਼ਾਨਾ ਹੋਣ ਵਾਲੇ ਲੈਣ-ਦੇਣ ਤੇ ਤਿੱਖੀ ਨਜ਼ਰਸਾਨੀ ਰੱਖਣ ਲਈ ਹਦਾਇਤ ਕੀਤੀ। ਉਨ੍ਹਾਂ ਇਹ ਵੀ ਖਾਸ ਹਦਾਇਤ ਕੀਤੀ ਕਿ ਜੇਕਰ ਚੋਣਾਂ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਵੀ ਸ਼ੱਕੀ ਲੈਣ-ਦੇਣ ਦਾ ਸਾਮਹਣਾ ਆਉਂਦਾ ਹੈ ਤਾਂ ਅਜਿਹੇ ਬੈਂਕ ਖਾਤਿਆਂ ਸਬੰਧੀ ਸੂਚਨਾ ਚੋਣ ਖਰਚਾ ਨਿਗਰਾਨ ਸੈੱਲ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਇਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਸਵੀਪ ਗਤੀਵਿਧੀਆਂ ਤਹਿਤ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਤੇ ਵੋਟ ਦੀ ਮਹੱਤਤਾਂ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਲੋਕਤੰਤਰ ਪ੍ਰਣਾਲੀ ਵਿਚ ਵੋਟ ਦੀ ਬਹੁਤ ਵੱਡੀ ਅਹਿਮੀਅਤ ਹੈ। ਸਾਨੂੰ ਸਭ ਨੂੰ ਇਸ ਅਧਿਕਾਰ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰ ਨਾਗਰਿਕ ਨੂੰ ਵੋਟ ਬਣਵਾਉਣ ਅਤੇ ਇਸ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਲਤੀਫ਼ ਅਹਿਮਦ, ਨੋਡਲ ਖਰਚਾ ਅਫ਼ਸਰ ਡਾ. ਮਨਦੀਪ ਕੌਰ, ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ, ਸਹਾਇਕ ਟ੍ਰੇਨਿੰਗ ਇੰਚਾਰਜ ਸ. ਗੁਰਦੀਪ ਸਿੰਘ ਮਾਨ ਤੋਂ ਇਲਾਵਾ ਪ੍ਰਿੰਟਿੰਗ ਪ੍ਰੈਸਾਂ ਦੇ ਨੁਮਾਇੰਦੇ, ਸ਼ਰਾਬ ਕਾਰੋਬਾਰੀ, ਬੈਂਕ ਅਧਿਕਾਰੀ ਅਤੇ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ