24 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਪਦਮਨੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਅਧੀਨ ਚੋਣਾਂ ਵਿਸ਼ੇ ‘ਤੇ ਸਕੂਲੀ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸ਼੍ਰੀਮਤੀ ਪਦਮਨੀ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨ ਬਲਾਕਾਂ ਬਰਨਾਲਾ, ਸ਼ਹਿਣਾ ਅਤੇ ਮਹਿਲ ਕਲਾਂ ਵਿੱਚ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਕੁੱਲ 9 ਟੀਮਾਂ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ ਲਿਆ। ਉਹਨਾਂ ਦੱਸਿਆ ਕਿ ਇਹਨਾਂ ਕੁਇਜ਼ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਈਵੇਟ ਤੇ ਅਰਧ ਸਰਕਾਰੀ ਸਕੂਲਾਂ ਦੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਦਾ ਮੁੱਖ ਮਕਸਦ ਨੌਜਵਾਨਾਂ ਵਿੱਚ ਵੋਟਰ ਜਾਗਰੂਕਤਾ ਪੈਦਾ ਕਰਨਾ ਹੈ।
ਸਵੀਪ ਨੋਡਲ ਇੰਚਾਰਜ ਪ੍ਰਿੰਸੀਪਲ ਮੇਜਰ ਸਿੰਘ ਨੇ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਤੋਂ ਈ.ਵੀ.ਐਮ. ਮਸ਼ੀਨਾਂ, ਵੋਟ ਬਣਨ ਤੋਂ ਲੈ ਕੇ ਵੋਟ ਪਾਉਣ ਤੱਕ ਅਤੇ ਵੋਟਾਂ ਦੇ ਨਤੀਜੇ ਆਉਣ ਦੀ ਪ੍ਰਕਿਰਿਆ ਸਬੰਧੀ ਪ੍ਰਸ਼ਨ ਪੁੱਛੇ ਗਏ।ਇਹਨਾਂ ਮੁਕਾਬਲਿਆਂ ਵਿੱਚ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਵੱਲੋਂ ਪਹਿਲਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਕੰਨਿਆ) ਬਰਨਾਲਾ ਦੇ ਵਿਦਿਆਰਥੀਆਂ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਧਨੌਲਾ ਦੇ ਵਿਦਿਆਰਥੀਆਂ ਵੱਲੋਂ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਪ੍ਰਿੰਸੀਪਲ ਹਰੀਸ਼ ਬਾਂਸਲ, ਡੀ.ਐਸ.ਐਮ ਰਾਜੇਸ਼ ਕੁਮਾਰ ਗੋਇਲ, ਸਹਾਇਕ ਨੋਡਲ ਇੰਚਾਰਜ ਸਵੀਪ ਪੰਕਜ ਗੋਇਲ ਤੇ ਲੈਕਚਰਾਰ ਲਵਪ੍ਰੀਤ ਸਿੰਘ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਅੰਤਰਜੀਤ ਸਿੰਘ, ਹਰਦੀਪ ਕੁਮਾਰ, ਜਗਤਾਰ ਸਿੰਘ ਅਤੇ ਗਾਈਡ ਅਧਿਆਪਕ ਹਾਜ਼ਰ ਰਹੇ।