-ਬਠਿੰਡਾ ਲੋਕ ਸਭਾ ਸੀਟ ਤੋਂ ਅੰਕੁਸ਼ ਜਿੰਦਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ
13 ਅਪ੍ਰੈਲ (ਰਾਜਦੀਪ ਜੋਸ਼ੀ) ਬਠਿੰਡਾ: ਸ਼ਿਵ ਸੈਨਾ ਸ਼ਿੰਦੇ ਗਰੁੱਪ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਦੀ ਪ੍ਰਧਾਨਗੀ ਹੇਠ ਬੈਠਕ ਦਾ ਆਯੋਜਨ ਕੀਤਾ ਗਿਆ। ਉਕਤ ਮੀਟਿੰਗ ਵਿੱਚ ਯੁਵਾ ਸੈਨਾ ਦੇ ਸੂਬਾ ਪ੍ਰਧਾਨ ਦੀਪਕ ਨਨਚਾਹਲ ਅਤੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਮੁਕੇਸ਼ ਕੁਮਾਰ ਹਾਜ਼ਰ ਸਨ। ਉਕਤ ਮੀਟਿੰਗ ਵਿੱਚ ਪੰਜਾਬ ਭਰ ਦੇ ਸਮੂਹ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸ਼ਿਵ ਸੈਨਾ ਸ਼ਿੰਦੇ ਗਰੁੱਪ ਨੇ ਲੋਕ ਸਭਾ ਚੋਣਾਂ 2024 ਲਈ 13 ਵਿੱਚੋਂ 9 ਉਮੀਦਵਾਰਾਂ ਦਾ ਐਲਾਨ ਕੀਤਾ। ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੇ ਦੱਸਿਆ ਕਿ ਸ਼ਿਵ ਸੈਨਾ ਸ਼ਿੰਦੇ ਗਰੁੱਪ ਦੇ ਪ੍ਰਧਾਨ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨਾਲ ਪਿਛਲੇ ਹਫ਼ਤੇ ਹੋਈ ਮੀਟਿੰਗ ਵਿੱਚ ਉਪਰੋਕਤ ਨਾਵਾਂ ਬਾਰੇ ਚਰਚਾ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਤੋਂ ਪਾਰਟੀ ਦੇ ਆਗੂ ਰਾਜਿੰਦਰ ਸ਼ਰਮਾ, ਪਟਿਆਲਾ ਤੋਂ ਐਡਵੋਕੇਟ ਦਵਿੰਦਰ ਰਾਜਪੂਤ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਹਰਗੋਬਿੰਦ ਸਿੰਘ, ਲੁਧਿਆਣਾ ਤੋਂ ਕੁਲਦੀਪ ਸ਼ਰਮਾ, ਸ੍ਰੀ ਆਨੰਦਪੁਰ ਸਾਹਿਬ ਤੋਂ ਰਾਮਨਾਥ, ਬਠਿੰਡਾ ਤੋਂ ਅੰਕੁਸ਼ ਜਿੰਦਲ, ਫਿਰੋਜ਼ਪੁਰ ਤੋਂ ਉਮੇਸ਼ ਕੁਮਾਰ, ਫਰੀਦਕੋਟ ਤੋਂ ਮੰਗਤ ਰਾਮ ਮੰਗਾ ਅਤੇ ਗੁਰਦਾਸਪੁਰ ਤੋਂ ਅਮਿਤ ਅੱਗਰਵਾਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਚਾਰ ਉਮੀਦਵਾਰਾਂ ਦਾ ਐਲਾਨ 20 ਅਪ੍ਰੈਲ ਨੂੰ ਚੰਡੀਗੜ੍ਹ ਵਿੱਚ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਸ਼ਿਵ ਸੈਨਾ ਸ਼ਿੰਦੇ ਗਰੁੱਪ ਦੇ ਉਮੀਦਵਾਰਾਂ ਨੂੰ ਲੋਕ ਸਭਾ ਵਿੱਚ ਭੇਜਣਗੇ, ਤਾਂ ਜੋ ਪੰਜਾਬ ਦੇ ਸਥਾਨਕ ਮੁੱਦਿਆਂ ਨੂੰ ਲੋਕ ਸਭਾ ਵਿੱਚ ਉਠਾਇਆ ਜਾ ਸਕੇ ਅਤੇ ਹੱਲ ਕੀਤਾ ਜਾ ਸਕੇ। ਯੁਵਾ ਸੈਨਾ ਦੇ ਸੂਬਾ ਪ੍ਰਧਾਨ ਦੀਪਕ ਨਨਚਾਹਲ ਨੇ ਅੰਕੁਸ਼ ਜਿੰਦਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬਠਿੰਡਾ ਲੋਕ ਸਭਾ ਸੀਟ ਤੋਂ ਅੰਕੁਸ਼ ਜਿੰਦਲ ਨੂੰ ਜੇਤੂ ਬਣਾਉਣ ਲਈ ਉਹ ਜ਼ਮੀਨੀ ਪੱਧਰ ‘ਤੇ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਦਿਨ-ਰਾਤ ਕੰਮ ਕਰਨਗੇ ਅਤੇ ਅੰਕੁਸ਼ ਜਿੰਦਲ ਨੂੰ ਭਾਰੀ ਬਹੁਮਤ ਨਾਲ ਜੇਤੂ ਬਣਾ ਕੇ ਲੋਕ ਸਭਾ ਵਿੱਚ ਭੇਜਿਆ ਜਾਵੇਗਾ।