ਜ਼ਿਲ੍ਹੇ ਭਰ ਚ ਅੱਜ 13 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਕੀਤੀ ਗਈ ਸ਼ੁਰੂਆਤ
2 ਮਾਰਚ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਵੱਲੋਂ ਸਥਾਨਕ ਬੱਲਾ ਰਾਮ ਨਗਰ ਵਿਖੇ ਬਠਿੰਡਾ ਸ਼ਹਿਰ ਦੇ ਅੱਠਵੇਂ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ੍ਰੀ ਅਨਿਲ ਠਾਕੁਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਸ੍ਰੀ ਅੰਮਿਤ ਲਾਲ ਅਗਰਵਾਲ, ਡਾਇਰੈਕਟਰ ਪੰਜਾਬ ਵਾਟਰ ਰਿਸੋਰਸਜ ਮੈਨੇਜਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਸ. ਅਮਰਜੀਤ ਰਾਜਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਜਿੰਨ੍ਹਾਂ ਚ ਸਿਹਤ ਸਹੂਲਤਾਂ ਤੇ ਸਿੱਖਿਆ ਸ਼ਾਮਲ ਸਨ, ਆਮ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਚੱਲ ਰਹੇ ਅਤੇ ਨਵੇਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੇ ਨਾਲ-ਨਾਲ ਸਿਵਲ ਹਸਪਤਾਲਾਂ ਵਿੱਚ ਵੀ ਨਵੀਆਂ ਆਧੁਨਿਕ ਮਸ਼ੀਨਾਂ ਅਤੇ ਹੋਰ ਸਿਹਤ ਸਹੂਲਤਾਂ ਸਬੰਧੀ ਸਮਾਨ ਉਪਲੱਬਧ ਕਰਵਾਇਆ ਜਾ ਰਿਹਾ ਹੈ ਤਾਂ ਕਿ ਆਮ ਲੋਕ ਸਰਕਾਰੀ ਹਸਪਤਾਲਾਂ ਵਿੱਚ ਵੀ ਆਪਣਾ ਇਲਾਜ ਵਧੀਆ ਤਰੀਕੇ ਨਾਲ ਕਰਵਾ ਸਕਣ।
ਇਸ ਦੌਰਾਨ ਸ. ਜਗਰੂਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਪਹਿਲਾਂ ਹੀ 26 ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਅੱਜ 13 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ 39 ਹੋ ਗਈ ਹੈ। ਇਨ੍ਹਾਂ ਕਲੀਨਿਕਾਂ ਵਿੱਚ ਇੱਕ ਡਾਕਟਰ, ਇੱਕ ਫਾਰਮੇਸੀ ਅਫ਼ਸਰ, ਕਲੀਨੀਕਲ ਅਸਿਸਟੈਂਟ ਤੋਂ ਇਲਾਵਾ ਹੋਰ ਸਟਾਫ਼ ਵੀ ਕੰਮ ਕਰੇਗਾ।
ਇਸ ਦੌਰਾਨ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਪਹਿਲਾਂ ਚੱਲ ਰਹੇ ਆਦਮੀ ਕਲੀਨਿਕਾਂ ਵਿੱਚੋਂ ਹੁਣ ਤੱਕ ਲਗਭਗ 5,95,000 ਆਮ ਲੋਕਾਂ ਵੱਲੋਂ ਸਿਹਤ ਸੇਵਾਵਾਂ ਦਾ ਲਾਭ ਲੈਂਦਿਆਂ 1,42,000 ਲੈਬ ਟੈਸਟ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਅੱਜ ਸਥਾਨਕ ਬੱਲਾ ਰਾਮ ਨਗਰ ਤੋਂ ਇਲਾਵਾ ਪਿੰਡ ਸਿੰਗੋ, ਕਲਾਲਵਾਲਾ, ਗਿਆਨਾ, ਕੋਟ ਬਖਤੂ, ਪਥਰਾਲਾ, ਰਾਮਨਗਰ, ਭਾਈ ਰੂਪਾ, ਐਸ.ਏ.ਡੀ. ਰਾਮਪੁਰਾ, ਖੇਮੂਆਣਾ, ਨਹੀਆਂਵਾਲਾ, ਸੇਮਾ ਅਤੇ ਭੁੱਚੋ ਵਿਖੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਓ.ਪੀ.ਡੀ. ਸੇਵਾਵਾਂ, ਦਵਾਈਆਂ, ਟੈਸਟ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਟੀਕਾਕਰਣ ਅਤੇ ਹੋਰ ਸੇਵਾਵਾਂ ਦਿੱਤੀਆਂ ਜਾਣਗੀਆਂ। ਸਮੇਂ-ਸਮੇਂ ਤੇ ਵੱਖ-ਵੱਖ ਬਿਮਾਰੀਆਂ ਅਤੇ ਸਿਹਤ ਸੇਵਾਵਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਨੇੜੇ ਹੀ ਇਨ੍ਹਾਂ ਕਲੀਨਿਕਾਂ ਵਿੱਚੋਂ ਪ੍ਰਾਪਤ ਹੋਣ ਵਾਲੀਆਂ ਸਿਹਤ ਸੇਵਾਵਾਂ ਦਾ ਲਾਭ ਉਠਾਉਣ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਇਨਾਯਤ, ਕੌਂਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋਂ, ਡਾ. ਮੀਨਾਕਸ਼ੀ ਸਿੰਗਲਾ, ਡਾ. ਮੁਨੀਸ਼ ਗੁਪਤਾ, ਡਾ. ਗੁਰਚਰਨ ਸਿੰਘ, ਵਿਨੋਦ ਖੁਰਾਣਾ, ਮਨਜੀਤ ਕੌਰ, ਨਰਿੰਦਰ ਕੁਮਾਰ ਜ਼ਿਲ੍ਹਾ ਕੋਆਰਡੀਨੇਟਰ ,ਪਵਨਜੀਤ ਕੌਰ, ਗੁਰਜਿੰਦਰ ਕੌਰ ਐਲਐਚਵੀ, ਗਗਨਦੀਪ, ਆਪ ਆਗੂਆਂ ਤੋਂ ਇਲਾਵਾ ਮੁਹੱਲਾ ਨਿਵਾਸੀ ਆਦਿ ਹਾਜ਼ਰ ਸਨ।