ਅਸਲਾ ਜਮਾ ਨਾ ਕਰਵਾਉਣ ਵਾਲਿਆਂ ‘ਤੇ ਹੋਵੇਗੀ ਕਾਨੂੰਨੀ ਕਾਰਵਾਈ : ਥਾਣਾ ਮੁਖੀ ਭਿੱਖੀਵਿੰਡ
17 ਮਾਰਚ (ਰਿੰਪਲ ਗੋਲਣ) ਭਿੱਖੀਵਿੰਡ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁੱਖੀ ਅਸ਼ਵਨੀ ਕਪੂਰ ‘ਤੇ ਡੀ.ਐਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਥਾਣਾ ਭਿੱਖੀਵਿੰਡ ਦੇ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਵੱਲੋਂ ਇਲਾਕੇ ਦੇ ਅਸਲਾ ਧਾਰਕਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਅਸਲਾ ਧਾਰਕ ਆਪਣਾ ਅਸਲਾ ਨਜ਼ਦੀਕੀ ਥਾਣੇ ਜਾਂ ਗੰਨ ਹਾਊਸ ਵਿੱਚ ਜਮਾ ਕਰਵਾਉਣ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭਿੱਖੀਵਿੰਡ ਇੰਸਪੈਕਟਰ ਮੋਹਿਤ ਕੁਮਾਰ ਨੇ ਕਿਹਾ ਕਿ ਆ ਰਹੀਆਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ। ਉਹਨਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ‘ਤੇ ਪੁਲਿਸ ਮੁਖੀ ਤਰਨਤਾਰਨ ਸਮੇਤ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ ਵੱਲੋਂ ਮਿਲੀਆਂ ਹਦਾਇਤਾਂ ਦੇ ਤਹਿਤ ਭਿੱਖੀਵਿੰਡ ਥਾਣੇ ਅਧੀਨ ਪੈਂਦੇ ਸਮੂਹ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣਾ ਅਸਲਾ ਨਜ਼ਦੀਕੀ ਥਾਣੇ ਜਾਂ ਨਜ਼ਦੀਕੀ ਗੰਨ ਹਾਊਸ ਵਿੱਚ ਜਮਾ ਕਰਵਾ ਕੇ ਕਾਨੂੰਨ ਦੀ ਪਾਲਣਾ ਕਰਨ। ਇਸ ਮੌਕੇ ਉਹਨਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਪੁਲਸ ਵੱਲੋਂ ਪੂਰੀ ਤਨਦੇਹੀ ਨਾਲ ਨਿਭਾਈ ਜਾਂਦੀ ਹੈ ਅਤੇ ਇਸੇ ਤਰ੍ਹਾਂ ਹੀ ਸੇਵਾ ਨਿਭਾਉਂਦੀ ਰਹੇਗੀ ਤਾਂ ਜੋ ਇਲਾਕੇ ਦੇ ਵਸਨੀਕ ਅਮਨ ਅਮਾਨ ਦੀ ਜ਼ਿੰਦਗੀ ਬਤੀਤ ਕਰ ਸਕਣ। ਇਸ ਮੌਕੇ ਉਹਨਾਂ ਅਸਲਾ ਧਾਰਕਾਂ ਨੂੰ ਇਹ ਤਾੜਨਾ ਵੀ ਕੀਤੀ ਕਿ ਅਸਲਾ ਜਮਾ ਨਾ ਕਰਵਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਅਸਲਾ ਲਾਇਸੈਂਸ ਕੈਂਸਲ ਕਰਨ ਦੀ ਸਿਫਾਰਿਸ਼ ਵੀ ਕੀਤੀ ਜਾਵੇਗੀ।